ਗੈਸ ਸਿਲੰਡਰ ਦੀ ਕਮੀ ਤੇ ਵਧੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੰਬੋਧਨ ਕਰਦਿਆਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਦੇਸ਼ ਭਰ ਵਿਚ ਐਲਪੀਜੀ ਗੈਸ ਦੀ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀ ਸਪਲਾਈ ਵਿਚ ਆ ਰਹੀ ਰੁਕਾਵਟ ਕਾਰਨ ਘਰੇਲੂ ਮਹਿਲਾਵਾਂ ਅਤੇ ਆਮ ਪਰਿਵਾਰ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਕਈ ਥਾਵਾਂ ’ਤੇ ਲੋਕਾਂ ਨੂੰ ਲੰਬੇ ਸਮੇਂ ਤੱਕ ਗੈਸ ਸਿਲੰਡਰ ਉਪਲਬਧ ਨਹੀਂ ਹੋ ਰਹੇ, ਜਿਸ ਨਾਲ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਨਾਲ-ਨਾਲ ਹੁਣ ਐਲ. ਪੀ. ਜੀ. ਗੈਸ ਦੀ ਕਮੀ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਹੋਰ ਵਧਾ ਦਿੱਤਾ ਹੈ, ਪਰ ਸਰਕਾਰ ਇਸ ਮਾਮਲੇ ਵਿਚ ਕੋਈ ਗੰਭੀਰ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਕਿਹਾ ਕਿ ਐਲਪੀਜੀ ਗੈਸ ਦੀ ਕਮੀ ਸਿਰਫ਼ ਪ੍ਰਬੰਧਕੀ ਨਾਕਾਮੀ ਨਹੀਂ, ਸਗੋਂ ਕੇਂਦਰ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਝੂਠੇ ਵਾਅਦੇ ਅਤੇ ਪ੍ਰਚਾਰ ਵਿਚ ਲੱਗੀ ਹੋਈ ਹੈ, ਜਿਸ ਨਾਲ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਬਣ ਚੁੱਕੀ ਹੈ। ਜ਼ਿਲ੍ਹਾ ਪ੍ਰੁਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨੀਤੀਆਂ ਕਾਰਨ ਮੱਧ ਵਰਗ ਅਤੇ ਗ਼ਰੀਬ ਵਰਗ ’ਤੇ ਦੋਹਰਾ ਬੋਝ ਪੈ ਰਿਹਾ ਹੈ-ਇੱਕ ਪਾਸੇ ਮਹਿੰਗਾਈ ਅਤੇ ਦੂਜੇ ਪਾਸੇ ਜ਼ਰੂਰੀ ਸਹੂਲਤਾਂ ਦੀ ਕਮੀ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਐਲਪੀਜੀ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੀਮਤਾਂ ’ਤੇ ਕਾਬੂ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇ ਜਲਦ ਹੀ ਐਲਪੀਜੀ ਗੈਸ ਦੀ ਸਪਲਾਈ ਸੁਚੱਜੀ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।