ਕਾਂਗਰਸ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸ ਵੱਲੋਂ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ
Publish Date: Sun, 31 May 2026 06:42 PM (IST)
Updated Date: Sun, 31 May 2026 06:44 PM (IST)
ਫ਼ਾਈਲ : -ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ।
ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤੇ ਗਏ ਵਾਧੇ ਦੇ ਵਿਰੋਧ ’ਚ ਰੇਹੜਾ ਜੋੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਨੂੰ ਤੁਰੰਤ ਕਾਬੂ ਕਰਨ ਅਤੇ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ। ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਿਹਾ ਵਾਧਾ ਹਰ ਵਰਗ ਦੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ। ਮਹਿੰਗਾਈ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ ਪਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਕਾਰਨ ਹਰ ਵਸਤੂ ਦੀ ਢੋਆ-ਢੁਆਈ ਦਾ ਖ਼ਰਚ ਵਧਣ ਨਾਲ ਆਮ ਲੋਕਾਂ ਦੀ ਜੇਬ ’ਤੇ ਸਿੱਧਾ ਅਸਰ ਪੈ ਰਿਹਾ ਹੈ। ਸਰਕਾਰ ਦੇ ਦਾਅਵਿਆਂ ਦੇ ਉਲਟ ਜ਼ਮੀਨੀ ਪੱਧਰ ’ਤੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ। ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਮਹਿੰਗਾਈ ਦੀ ਮਾਰ ਹੇਠ ਧੱਕ ਦਿੱਤਾ ਹੈ, ਜਿਸ ਤੋਂ ਦੇਸ਼ ਦਾ ਹਰ ਵਰਗ ਨਿਰਾਸ਼ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਜਨ-ਮੁੱਦਿਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਉਠਾਏਗੀ। ਉਨ੍ਹਾਂ ਮੰਗ ਕੀਤੀ ਕਿ ਕੀਮਤਾਂ ’ਚ ਤੁਰੰਤ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਕਾਂਗਰਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।