ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਨੇੜੇ ਦਿੱਤਾ ਧਰਨਾ
ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਨੇੜੇ ਦਿੱਤਾ ਧਰਨਾ
Publish Date: Fri, 01 May 2026 04:02 PM (IST)
Updated Date: Sat, 02 May 2026 04:02 AM (IST)

ਵਿਭਾਗਾਂ ’ਚ ਪੱਕੇ ਕਰਨ ਦੀ ਕੀਤੀ ਮੰਗ ਪੰਜਾਬੀ ਜਾਗਰਣ ਪੱਤਰ ਪ੍ਰੇਰਕ, ਸੰਗਰੂਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਰੋਸ ਧਰਨਾ ਲਾਇਆ। ਧਰਨੇ ਵਿਚ ਕੱਚੇ ਮੁਲਾਜ਼ਮਾਂ ਦੇ ਪਰਿਵਾਰ ਵੀ ਸ਼ਾਮਲ ਹੋਏ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਸਵੀਰ ਸਿੰਘ ਜੱਸੀ, ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਢਿੱਲੋਂ, ਲਛਮਣ ਸਿੰਘ ਧੂਰੀ, ਰਮਨਦੀਪ ਸਿੰਘ, ਹਰਜਿੰਦਰਪਾਲ ਸਿੰਘ, ਜਗਦੀਪ ਸਿੰਘ, ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ ਅਤੇ ਸੁਸਾਇਟੀਆਂ ਆਦਿ ਰਾਹੀਂ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿਚ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।