ਅਪਾਹਜ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਪਾਹਜ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Publish Date: Thu, 07 May 2026 07:33 PM (IST)
Updated Date: Fri, 08 May 2026 04:18 AM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ: ਦਿਮਾਗੀ ਤੌਰ ਤੇ ਪ੍ਰੇਸ਼ਾਨ ਇੱਕ ਅਪਾਹਜ ਵਿਅਕਤੀ ਵੱਲੋਂ ਕਮਰੇ ਦੇ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਗਾਜੇਵਾਸ ਪੁਲਿਸ ਚੌਕੀ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਧਰਮਿੰਦਰ ਸਿੰਘ (40) ਦੇ ਪਿਤਾ ਗੁਰਮੀਤ ਸਿੰਘ ਨਿਵਾਸੀ ਪਿੰਡ ਬੰਮਨਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ, ਉਸ ਦਾ ਪੁੱਤਰ ਬਚਪਨ ਤੋਂ ਅਪਾਹਜ ਹੋਣ ਕਾਰਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਕਰ ਕੇ ਉਹ ਸ਼ਰਾਬ ਪੀਣ ਦਾ ਆਦੀ ਹੋ ਗਿਆ ਸੀ। 5 ਮਈ ਦੀ ਸ਼ਾਮ ਨੂੰ ਸ਼ਰਾਬ ਪੀਣ ਤੋਂ ਬਾਅਦ ਉਹ ਕਮਰੇ ਵਿੱਚ ਸੌਂ ਗਿਆ। 6 ਮਈ ਦੀ ਸਵੇਰ ਜਦੋਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਗੁਆਂਢੀਆਂ ਨੇ ਕਮਰੇ ਦਾ ਸ਼ੀਸ਼ਾ ਤੋੜ ਕੇ ਦੇਖਿਆ, ਜਿੱਥੇ ਉਹ ਪੱਖੇ ਨਾਲ ਫਾਹੇ ਤੇ ਲਟਕਿਆ ਹੋਇਆ ਮਿਲਿਆ। ਕਮਰੇ ਦਾ ਦਰਵਾਜ਼ਾ ਤੋੜ ਕੇ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਸੂਚਨਾ ਮਿਲਣ ਤੇ ਗਾਜੇਵਾਸ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀ ਅਨੁਸਾਰ, ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ਤੇ ਕਿ ਉਹ ਅਪਾਹਜ ਹੋਣ ਕਾਰਨ ਮਾਨਸਿਕ ਤੌਰ ਤੇ ਪਰੇਸ਼ਾਨ ਸੀ, ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਪੁੱਤਰ ਛੱਡ ਗਿਆ ਹੈ।