ਆਜ਼ਾਦੀ ਘੁਲਾਟੀਆਂ ਦੇ ਵਫ਼ਦ ਨੇ ਡੀਸੀ ਨੂੰ ਦਿੱਤਾ ਮੈਮੋਰੰਡਮ
ਆਜ਼ਾਦੀ ਘੁਲਾਟੀਆਂ ਦੇ ਵਫ਼ਦ ਨੇ ਡੀਸੀ ਵਰਜੀਤ ਵਾਲੀਆ ਨੂੰ ਦਿੱਤਾ ਮੈਮੋਰੰਡਮ
Publish Date: Tue, 17 Mar 2026 06:01 PM (IST)
Updated Date: Tue, 17 Mar 2026 06:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਸੁਤੰਤਰਤਾ ਸੰਗਰਾਮੀਆ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਇਕੱਤਰਤਾ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਹੋਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਉਚੇਚੇ ਤੌਰ ਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸ਼ਾਮਲ ਹੋਏ। ਜ਼ਿਲ੍ਹਾ ਜਥੇਬੰਦੀ ਨੇ ਪਿਛਲੇ ਲੰਮੇ ਸਮੇਂ ਤੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਨਜ਼ਰਅੰਦਾਜ ਕੀਤੀਆਂ ਜਾ ਰਹੀਆਂ ਸਨਮਾਨ ਸਹੂਲਤਾਂ ਸਬੰਧੀ ਆਵਾਜ਼ ਬੁਲੰਦ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ ਗਈ। ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਦੱਸਿਆ ਕਿ ਡੀਸੀ ਨੂੰ ਮੁਲਾਕਾਤ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਦੇਸ਼ ਭਗਤ ਪਰਿਵਾਰਾਂ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਲਈ ਕਿਸੇ ਉਚ ਅਧਿਕਾਰੀ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਇਕੱਤਰਤਾ ਦੌਰਾਨ ਦੇਸ਼ ਭਗਤ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਮਹੀਨੇਵਾਰ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਕੀਤੀ ਜਾਵੇ। ਉਨ੍ਹਾਂ ਨੇ ਸੁਤੰਤਰਤਾ ਸੰਗਰਾਮੀ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਇਆ ਜਾਵੇਗਾ। ਅੱਜ ਦੀ ਇਕੱਤਰਤਾ ਦੌਰਾਨ ਇੰਦਰਪਾਲ ਸਿੰਘ ਧਾਲੀਵਾਲ ਸੂਬਾ ਜਰਨਲ ਸਕੱਤਰ, ਅਮਰਪ੍ਰੀਤ ਸਿੰਘ ਬੋਬੀ ਪ੍ਰਧਾਨ ਜ਼ਿਲ੍ਹਾ ਪਟਿਆਲਾ, ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਰਜਿੰਦਰ ਵਢੇਰਾ, ਪ੍ਰਵੀਨ ਕੁਮਾਰੀ, ਪਰਮ ਗੁਰਤੇਜ ਸਿੰਘ, ਰਘੁਵੀਰ ਸਿੰਘ, ਹਰਦੀਪ ਸਿੰਘ ਕੌਲੀ, ਇੰਦਰਪਾਲ ਸਿੰਘ ਵਿਰਕ, ਨਰਿੰਦਰ ਸਿੰਘ ਨੰਬਰਦਾਰ ਆਦਿ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।