ਵੈਟ ਅਤੇ ਜੀਐਸਟੀ ਦੀਆਂ ਦਰਾਂ ਘਟਾਈਆਂ ਜਾਣ : ਮਾਨ
ਪਾਕਿਸਤਾਨ ਨਾਲ ਵਪਾਰ ਖੋਲ੍ਹਣ ਅਤੇ ਤੇਲ-ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ
Publish Date: Thu, 14 May 2026 07:23 PM (IST)
Updated Date: Fri, 15 May 2026 04:13 AM (IST)

ਪਾਕਿਸਤਾਨ ਨਾਲ ਵਪਾਰ ਖੋਲ੍ਹਣ ਤੇ ਤੇਲ-ਗੈਸ ਦੀਆਂ ਕੀਮਤਾਂ ਘਟਾਉਣ ਦੀ ਮੰਗ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਇਮਾਨ ਸਿੰਘ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਵੈਟ ਅਤੇ ਜੀਐੱਸਟੀ ਦੀਆਂ ਦਰਾਂ ਘਟਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਅੱਜ ਸਰਹਿੰਦ ਵਿਖੇ ਈਮਾਨ ਸਿੰਘ ਮਾਨ ਅਤੇ ਸੀਨੀਅਰ ਪਾਰਟੀ ਨੇਤਾਵਾਂ ਇਕਬਾਲ ਸਿੰਘ ਟਿਵਾਣਾ, ਸ਼ਿੰਗਾਰਾ ਸਿੰਘ ਬਡਲਾ ਅਤੇ ਧਰਮ ਸਿੰਘ ਕਲੌੜ ਨੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਈਮਾਨ ਸਿੰਘ ਮਾਨ ਨੇ ਕਿਹਾ ਕਿ ਦੇਸ਼ ‘ਚ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਲਈ ਦੂਜੇ ਦੇਸ਼ਾਂ ਨਾਲ ਲੱਗਦੀਆਂ ਸਰਹੱਦਾਂ ਰਾਹੀਂ ਵਪਾਰ ਮੁੜ ਸ਼ੁਰੂ ਕੀਤਾ ਜਾਵੇ ਅਤੇ ਤੇਲ ਤੇ ਗੈਸ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਜਾਵੇ। ਮਾਨ ਨੇ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਜਿਸ ਦਾ ਸਭ ਤੋਂ ਵੱਧ ਅਸਰ ਗ਼ਰੀਬ ਵਰਗ ‘ਤੇ ਪੈ ਰਿਹਾ ਹੈ। ਇਮਾਨ ਸਿੰਘ ਮਾਨ ਨੇ ਗੁਆਂਢੀ ਦੇਸ਼ਾਂ ਨਾਲ ਸਬੰਧਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਤੁਰਕਮੇਨਿਸਤਾਨ, ਅਫਗਾਨਿਸਤਾਨ ਅਤੇ ਇੰਡੀਆ (ਤਾਪੀ) ਗੈਸ ਪਾਈਪਲਾਈਨ ਪ੍ਰੋਜੈਕਟ ਲਾਗੂ ਹੋ ਜਾਂਦਾ ਹੈ ਤਾਂ ਪੰਜਾਬ ਨੂੰ ਸਸਤੀ ਗੈਸ, ਬਿਜਲੀ ਅਤੇ ਯੂਰੀਆ ਮਿਲ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦਾ ਉਦਯੋਗ ਬਾਹਰ ਜਾ ਰਿਹਾ ਹੈ ਅਤੇ ਰੁਜ਼ਗਾਰ ਦੇ ਮੌਕੇ ਖ਼ਤਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਜੰਗ ਵਰਗਾ ਮਾਹੌਲ ਬਣੇ ਰਹਿਣ ਕਾਰਨ ਪੰਜਾਬ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਚੋਣ ਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਮਾਨ ਨੇ ਕਿਹਾ ਕਿ ਦੇਸ਼ ‘ਚ ਵੋਟਿੰਗ ਦੌਰਾਨ ਬੂਥ ਕੈਪਚਰਿੰਗ ਅਤੇ ਈਵੀਐੱਮ ਹੈਕਿੰਗ ਵਰਗੇ ਖ਼ਦਸ਼ੇ ਬਣੇ ਰਹਿੰਦੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਰਯਾਦਾ ਨੂੰ ਬਹਾਲ ਰੱਖਣ ਲਈ ਇਕ ਪਾਰਦਰਸ਼ੀ ਅਤੇ ਭਰੋਸੇਯੋਗ ਸਿਸਟਮ ਕਾਇਮ ਕਰੇ ਤਾਂ ਜੋ ਹਰ ਨਾਗਰਿਕ ਦਾ ਭਰੋਸਾ ਬਣਿਆ ਰਹੇ। ਇਸ ਦੇ ਨਾਲ ਹੀ ਉਨ੍ਹਾਂ ਸਮਾਜਿਕ ਸੁਧਾਰਾਂ ਦੀ ਗੱਲ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਆਹਾਂ ਅਤੇ ਹੋਰ ਸਮਾਗਮਾਂ ‘ਤੇ ਕੀਤੇ ਜਾਣ ਵਾਲੇ ਫ਼ਜ਼ੂਲ ਖ਼ਰਚਿਆਂ ਨੂੰ ਘਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਦੇ ਵਿਆਹਾਂ ਦੀ ਰੀਤ ਪਾਉਣੀ ਚਾਹੀਦੀ ਹੈ ਤਾਂ ਜੋ ਬਚਾਇਆ ਹੋਇਆ ਪੈਸਾ ਬੱਚਿਆਂ ਦੀ ਸਿੱਖਿਆ ਅਤੇ ਗ਼ਰੀਬਾਂ ਦੀ ਭਲਾਈ ‘ਤੇ ਖ਼ਰਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਇਹ ਆਦੇਸ਼ ਪਾਸ ਕਰਨ ਕਿ ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਕੇਵਲ 11 ਬਰਾਤੀ ਹੀ ਵਿਆਹ ਵਿਚ ਜਾਣ। ਉਨ੍ਹਾ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲੜ੍ਹਣ ਦੀ ਤਿਆਰੀ ਕਰ ਰਹੀ ਹੈ। ਵਿਧਾਨ ਸਭਾ ਚੋਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਹਿੱਤ ਚਾਹਣ ਵਾਲੀਆਂ ਪਾਰਟੀਆ ਨਾਲ ਗਠਜੋੜ ਲਈ ਤਿਆਰ ਹੈ।