ਚੋਣ ਪ੍ਰਚਾਰ ਦੇ ਆਖਰੀ ਦਿਨ ਪਾਤੜਾਂ ’ਚ ਗਰਜੇ ਗਾਂਧੀ
ਚੋਣ ਪ੍ਰਚਾਰ ਦੇ ਆਖਰੀ ਦਿਨ ਪਾਤੜਾਂ ’ਚ ਗਰਜੇ ਗਾਂਧੀ
Publish Date: Sun, 24 May 2026 05:43 PM (IST)
Updated Date: Sun, 24 May 2026 05:43 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਦੌਰਾਨ ਚੋਣ ਪ੍ਰਚਾਰ ਦੇ ਆਖਰੀ ਦਿਨ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਪਾਤੜਾ ਪਹੁੰਚ ਕੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਮੈਦਾਨ ਵਿਚ ਨਿਤਰੇ ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਦੀ ਮੰਗ ਕਰਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਵਾਲੇ ਦਿਨ ਕੀਤੀਆਂ ਜਾਣ ਵਾਲੀਆਂ ਸੰਭਾਵੀ ਧੱਕੇਸ਼ਾਹੀਆਂ ਦਾ ਸ਼ਰਾਫਤ ਅਤੇ ਹਲੀਮੀ ਨਾਲ ਟਾਕਰਾ ਕਰਨ ਦਾ ਐਲਾਨ ਕੀਤਾ ਹੈ। ਜਨ ਸਭਾਵਾਂ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਅਤੇ ਸੀਨੀਅਰ ਕਾਂਗਰਸੀ ਆਗੂ ਦਲਬੀਰ ਸਿੰਘ ਸਿਉਣਾ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ। ਸ਼ਹਿਰ ਦੇ ਵਾਰਡ ਨੰਬਰ ਸੱਤ ਸੱਤ ਤੋਂ ਕਾਂਗਰਸ ਦੀ ਉਮੀਦਵਾਰ ਪੂਜਾ ਰਾਣੀ ਪਤਨੀ ਰਾਕੇਸ਼ ਕੁਮਾਰ ਹੈਪੀ ਦੇ ਹੱਕ ਵਿਚ ਕੀਤੀ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਦਾਖਲੀ ਸਮੇਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਇਸ਼ਾਰਿਆਂ ’ਤੇ ਹੋਈ ਗੁੰਡਾਗਰਦੀ ਨੇ ਆਮ ਸ਼ਰੀਫ ਸ਼ਹਿਰੀਆਂ ਦੇ ਦਿਲਾਂ ਵਿੱਚ ਡਰ ਬਿਠਾ ਦਿੱਤਾ ਸੀ ਪਰ ਇਕ ਜਨਸਭਾ ਦੌਰਾਨ ਉਹਨਾਂ ਵੱਲੋਂ ਸ਼ਰੇਆਮ ਚੋਣਾਂ ਲੁੱਟਣ ਦੀ ਕੀਤੀ ਜਾ ਰਹੀ ਤਿਆਰੀ ਦੀ ਵਾਇਰਲ ਹੋਈ ਵੀਡੀਓ ਨੇ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਮਨੀਸ਼ ਸਿਸੋਦੀਆ ਵੱਲੋਂ ਕਰੀਬ ਇੱਕ ਸਾਲ ਪਹਿਲਾਂ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੀਲੇ ਵਰਤਣ ਦੇ ਦਿੱਤੇ ਗਏ ਬਿਆਨ ਦੀ ਪ੍ਰੋੜਤਾ ਕੀਤੀ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਦਲੇਰ ਸਿੰਘ ਹਰਿਆਊ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਹੈਪੀ ਨਿਰਮਲ ਸਿੰਘ ਪੰਨੂ ਅਤੇ ਸਰਪੰਚ ਮੋਹਰ ਸਿੰਘ ਜਿਓਣਪੁਰਾ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਚੋਣਾਂ ਵਾਲੇ ਦਿਨ ਡਾਂਗਾ ਹੱਥਾਂ ਵਿਚ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਵੱਲੋਂ ਕੀਤਾ ਗਿਆ ਐਲਾਨ ਸੁਣਦਿਆਂ ਹੀ ਸਾਰੇ ਪਾਸੇ ਘੁਸਰ ਮੁਸਰ ਸ਼ੁਰੂ ਹੋ ਗਈ।