ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ : ਡਾ. ਬਲਬੀਰ
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ
Publish Date: Sun, 25 Jan 2026 04:58 PM (IST)
Updated Date: Sun, 25 Jan 2026 05:01 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡ ਬਣਾਉਣ ਵਾਲੇ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿਚ ਸਮਝਾਇਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿਚ ਮੀਲ ਪੱਥਰ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ’ਤੇ ਗਰੀਬ, ਮੱਧ ਵਰਗ ਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਗੰਭੀਰ ਬਿਮਾਰੀਆਂ ਦੇ ਇਲਾਜ ’ਤੇ ਆਉਣ ਵਾਲੇ ਵੱਡੇ ਖਰਚ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਹੀ ਸੌਖੀ ਅਤੇ ਪਾਰਦਰਸ਼ੀ ਹੈ। ਲੋੜੀਂਦੇ ਦਸਤਾਵੇਜ਼ਾਂ ਨਾਲ ਨਿਰਧਾਰਤ ਸੈਂਟਰ ’ਤੇ ਪਹੁੰਚ ਕੇ ਕੁਝ ਹੀ ਸਮੇਂ ਵਿੱਚ ਕਾਰਡ ਤਿਆਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਇਸ ਯੋਜਨਾ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।