ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ
ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ
Publish Date: Sun, 08 Feb 2026 05:25 PM (IST)
Updated Date: Sun, 08 Feb 2026 05:29 PM (IST)

ਫੋਟੋ 8ਪੀਟੀਐਲ: 11 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਖੁਦ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਹ ਪਟਿਆਲਾ ਦਿਹਾਤੀ ਦੇ ਘੰਮਰੌਦਾ, ਬਖਸ਼ੀਵਾਲਾ, ਰਣਜੀਤ ਨਗਰ ਤੇ ਬਾਬੂ ਸਿੰਘ ਕਾਲੋਨੀ ਵਿਖੇ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿਚ ਪਹੁੰਚੇ ਅਤੇ ਉੱਥੇ ਚੱਲ ਰਹੀ ਕਾਰਵਾਈ ਨੂੰ ਧਿਆਨ ਨਾਲ ਵੇਖਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਪਰਿਵਾਰ ਵੱਲੋਂ ਘੱਟੋ-ਘੱਟ ਦੋ ਮੈਂਬਰ ਮੌਕੇ ’ਤੇ ਹਾਜ਼ਰ ਹੋਣ ਅਤੇ ਪਰਿਵਾਰ ਕੋਲ ਮੋਬਾਈਲ ਫ਼ੋਨ ਹੋਣਾ ਲਾਜ਼ਮੀ ਹੈ ਜੋ ਆਧਾਰ ਕਾਰਡ ਨਾਲ ਲਿੰਕ ਹੋਇਆ ਹੋਵੇ, ਤਾਂ ਜੋ ਰਜਿਸਟ੍ਰੇਸ਼ਨ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ। ਸਿਹਤ ਮੰਤਰੀ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਲਾਭਪਾਤਰੀ ਵੱਲੋਂ ਪਰਚੀ ਲਈ ਜਾਂਦੀ ਹੈ, ਉਸ ਤੋਂ ਬਾਅਦ ਸੈਲਫ਼ ਡੈਕਲਾਰੇਸ਼ਨ ਫਾਰਮ ਭਰਿਆ ਜਾਂਦਾ ਹੈ। ਫਾਰਮ ਭਰਨ ਤੋਂ ਬਾਅਦ ਵਲੰਟੀਅਰਾਂ ਵੱਲੋਂ ਦਸਤਾਵੇਜ਼ਾਂ ਅਤੇ ਜਾਣਕਾਰੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ। ਜਦੋਂ ਸਾਰਾ ਕੁਝ ਠੀਕ ਪਾਇਆ ਜਾਂਦਾ ਹੈ, ਤਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ। ਡਾ. ਬਲਬੀਰ ਸਿੰਘ ਨੇ ਕੈਂਪਾਂ ਵਿਚ ਤਾਇਨਾਤ ਵਲੰਟੀਅਰਾਂ ਦੀ ਖੂਬ ਸਰਾਹਨਾ ਕਰਦੇ ਹੋਏ ਕਿਹਾ ਕਿ ਉਹ ਬਹੁਤ ਹੀ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਆ ਰਹੀ ਹੈ, ਤਾਂ ਉਸ ਦਾ ਹਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਿਹਤ ਮੰਤਰੀ ਨੇ ਨੌਜਵਾਨਾਂ ਲਈ ਵੀ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੈ, ਉਨ੍ਹਾਂ ਲਈ ਰੁਜ਼ਗਾਰ ਪ੍ਰਾਪਤ ਕਰਨ ਦਾ ਇਹ ਸੁਨਹਿਰਾ ਮੌਕਾ ਹੈ । ਉਨ੍ਹਾਂ ਦੱਸਿਆ ਕਿ ਵਧੀਆ ਕੰਮ ਕਰਨ ਵਾਲੇ ਓਪਰੇਟਰਾਂ ਨੂੰ ਭਵਿੱਖ ਵਿਚ ਸਿਹਤ ਮਿੱਤਰਾ ਸਕੀਮ ਤਹਿਤ ਨੌਕਰੀ ਵੀ ਦਿੱਤੀ ਜਾਵੇਗੀ। ਅੰਤ ਵਿਚ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ।