ਮੰਡੀਆਂ ’ਚੋਂ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਡਾ. ਬਲਬੀਰ ਸਿੰਘ
ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ
Publish Date: Sun, 12 Apr 2026 06:12 PM (IST)
Updated Date: Mon, 13 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਰਬੀ ਮਾਰਕੀਟਿੰਗ ਸੀਜ਼ਨ ਦੌਰਾਨ ਚੱਲ ਰਹੇ ਕਣਕ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਰਹਿੰਦ ਰੋਡ, ਪਿੰਡ ਲੰਗ, ਬਖਸ਼ੀਵਾਲ, ਲੌਟ ਤੇ ਮੰਡੌੜ ਸਥਿਤ ਅਨਾਜ ਮੰਡੀਆਂ ਦਾ ਦੌਰਾ ਕੀਤਾ ਤੇ ਕਣਕ ਦੀ ਫ਼ਸਲ ਮੰਡੀਆਂ ’ਚ ਲਿਆਉਣ ਵਾਲੇ ਕਿਸਾਨਾਂ ਸਮੇਤ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰ ਕੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਗਏ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਰਾਜਸਥਾਨ ਦੀ ਤਰਜ਼ ‘ਤੇ ਖਰਾਬ ਮੌਸਮ ਕਰਕੇ ਨੁਕਸਾਨੀ ਪੰਜਾਬ ਦੀ ਕਣਕ ਦੀ ਫ਼ਸਲ ਲਈ ਵੀ ਤੁਰੰਤ ਰਾਹਤ ਪ੍ਰਦਾਨ ਕਰਦੀ। ਉਨ੍ਹਾਂ ਕਿਹਾ ਕਿ ਪਰ ਹੁਣ ਪੰਜਾਬ ਸਰਕਾਰ ਵੱਲੋਂ ਜ਼ੋਰ ਪਾਉਣ ‘ਤੇ ਕੇਂਦਰੀ ਟੀਮ ਖਰਾਬ ਫਸਲ ਦਾ ਜਾਇਜ਼ਾ ਲੈਣ ਆਈ ਹੈ, ਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਨੂੰ ਵੀ ਬਣਦੀ ਰਾਹਤ ਮਿਲੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਕੇਂਦਰੀ ਉਪਭੋਗਤਾ ਮਾਮਲੇ, ਖਾਦ ਅਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸੰਬੰਧਿਤ ਅਹਿਮ ਮਸਲੇ ਉਠਾਏ ਹਨ। ਇਨ੍ਹਾਂ ਵਿੱਚ ਕੈਸ਼ ਕਰੈਡਿਟ ਲਿਮਿਟ ’ਤੇ ਵੱਧ ਵਿਆਜ ਦਰਾਂ, ਰੂਰਲ ਡਿਵੈਲਪਮੈਂਟ ਫੰਡ ਦੀ ਲਗਭਗ 9,000 ਕਰੋੜ ਰੁਪਏ ਦੀ ਬਕਾਇਆ ਰਕਮ, ਭਾਰੀ ਮੀਂਹ ਅਤੇ ਔਲੇ ਪੈਣ ਨਾਲ ਨੁਕਸਾਨੀ ਫਸਲ ਲਈ ਮੁਆਵਜ਼ਾ ਅਤੇ ਆੜਤੀਆਂ ਦੀਆਂ ਲੰਬਿਤ ਮੰਗਾਂ ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਖਰੀਦ ਮਾਪਦੰਡਾਂ ਵਿੱਚ ਢਿੱਲ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਭੇਦਭਾਵਪੂਰਨ ਰਵੱਈਏ ’ਤੇ ਵੀ ਚਿੰਤਾ ਜਤਾਈ ਹੈ। ਕੇਂਦਰ ਸਰਕਾਰ ਦੀ ਇਸ ਨੀਤੀ ਦੀ ਆਲੋਚਨਾ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਦੁਹਰਾਇਆ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਉਣ ਅਤੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ਼ ਸੰਕਲਪ ਹੈ। ਇਸ ਮੌਕੇ ਸੁਰੇਸ਼ ਰਾਏ, ਪਟਿਆਲਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਏਐਫਐਸਓ ਮਨੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਲਚਕਾਣੀ, ਬਾਬਾ ਬਲਦੇਵ ਸਿੰਘ ਲੰਗ, ਮੇਵਾ ਸਿੰਘ, ਕਰਨ ਪੂਨੀਆ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਸਤਵਿੰਦਰ ਸਿੰਘ ਮੰਡੌੜ, ਰਿੰਕੂ ਮੰਡੌੜ, ਬਲਕਾਰ ਸਿੰਘ ਸਰਪੰਚ ਲੌਟ, ਕਿਸਾਨ ਤੇ ਹੋਰ ਪਤਵੰਤੇ ਹਾਜ਼ਰ ਸਨ।