‘ਮੇਰੀ ਰਸੋਈ’ ਸਕੀਮ ਨਾਲ ਲੋੜਵੰਦਾਂ ਨੂੰ ਮਿਲ ਰਿਹਾ ਸਹਾਰਾ : ਡਾ. ਬਲਬੀਰ
“ਮੇਰੀ ਰਸੋਈ” ਸਕੀਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਹਾਰਾ: ਡਾ. ਬਲਬੀਰ ਸਿੰਘ
Publish Date: Wed, 20 May 2026 04:57 PM (IST)
Updated Date: Wed, 20 May 2026 04:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਟਿਆਲਾ ਦੇ ਦਸਮੇਸ਼ ਨਗਰ ਵਿਖੇ ‘ਮੇਰੀ ਰਸੋਈ’ ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਕਰੀਬ 500 ਪਰਿਵਾਰਾਂ ਨੂੰ ਰੋਜ਼ਾਨਾ ਦੀ ਵਰਤੋਂ ਵਾਲੀਆਂ ਰਾਸ਼ਨ ਸਮੱਗਰੀ ਨਾਲ ਭਰੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ‘ਮੇਰੀ ਰਸੋਈ’ ਸਕੀਮ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਘਰ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਅੱਗੇ ਵਧਣਾ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ। ਇਸ ਮੌਕੇ ਜਸਵੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ ਕੇ, ਗਜਨ ਸਿੰਘ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।