ਫਰਾਈ ਡੇਅ-ਡਰਾਈ ਡੇਅ ਤਹਿਤ ਕੀਤੀ ਡੇਂਗੂ ਦੀ ਚੈਕਿੰਗ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ’ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜ਼ਿਲ੍ਹੇ ਭਰ ’ਚ ਸਪੈਸ਼ਲ ਮੁਹਿੰਮ ਚਲਾਈ ਗਈ। ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਸਫਾਬਾਦੀ ਗੇਟ, ਗੁਰਬਕਸ਼ ਕਲੋਨੀ,ਦਰਸ਼ਨ ਸਿੰਘ ਨਗਰ, ਪ੍ਰਤਾਪ ਨਗਰ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ। ਇਸ ਮੁਹਿੰਮ ’ਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ। ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 19919 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 41 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 53038 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 75 ਥਾਂਵਾ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਚਾਹੀਦੀ ਹੈ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।