ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ
ਫਰਦ ਕੇਂਦਰ ਕੰਪਿਊਟਰ ਆਪਰੇਟਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ
Publish Date: Thu, 07 May 2026 03:36 PM (IST)
Updated Date: Fri, 08 May 2026 04:02 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੱਖੇ ਰੋਸ ਪ੍ਰਦਰਸ਼ਨ ਵਜੋਂ ਅੱਜ ਤੋਂ ਹੜਤਾਲ ’ਤੇ ਚਲੇ ਗਏ ਹਨ। ਫਰਦ ਕੇਂਦਰ ਆਪ੍ਰੇਟਰਾਂ ਦੇ ਹੜਤਾਲ ’ਤੇ ਚਲੇ ਜਾਣ ਤੋਂ ਬਾਅਦ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਉਹ 2007 ਤੋਂ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰੰਤੂ ਸਰਕਾਰ ਅਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਜਥੇਬੰਦੀ ਦੇ ਸਾਰੇ ਸਾਥੀਆਂ ਵੱਲੋਂ ਪੂਰਨ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਸਾਥੀ ਲਵਪ੍ਰੀਤ ਸਿੰਘ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 7 ਮਈ ਤੋ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਅਪੀਲ ਕੀਤੀ ਹੈ ਕਿ ਹਰ ਤਹਿਸੀਲ ਅਤੇ ਜ਼ਿਲ੍ਹਾ ਆਪਣੇ ਪੱਧਰ ‘ਤੇ ਸਾਰਾ ਕੰਮ ਪੂਰਨ ਤੌਰ ‘ਤੇ ਬੰਦ ਕਰਕੇ ਆਪਣੀ ਸਹਿਮਤੀ ਅਤੇ ਏਕਤਾ ਦਰਸਾਈ ਗਈ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜਿੰਨਾ ਚਿਰ ਸਾਡੇ ਸਾਥੀ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਸਾਰੇ ਫ਼ਰਦ ਕੇਂਦਰ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ। ਇਸ ਦੌਰਾਨ ਫ਼ਰਦ ਕੇਂਦਰਾਂ ਲਈ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵੱਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿੱਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ ‘ਤੇ ਵੀ ਤਿੱਖਾ ਵਿਰੋਧ ਕੀਤਾ ਗਿਆ। ਜਥੇਬੰਦੀ ਅਨੁਸਾਰ ਇਸ ਨਾਲ ਮੌਜੂਦਾ ਆਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਨੌਕਰੀਆਂ ‘ਤੇ ਸਿੱਧਾ ਖਤਰਾ ਬਣ ਗਿਆ ਹੈ। ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਪਾਲਿਸੀ ਤਹਿਤ ਸਰਕਾਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਗਿਆ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਸੂਬਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸੋਨੀ, ਜਿਲਾ ਵਾਈਸ ਪ੍ਰਧਾਨ ਬਿਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖਜਾਨਚੀ ਸੁਖਬੀਰ ਸਿੰਘ, ਸਹਾਇਕ ਖਜਾਨਚੀ ਭੁਪਿੰਦਰ ਸਿੰਘ, ਪ੍ਰੈਸ ਸਕੱਤਰ ਅਮਨਦੀਪ ਸਿੰਘ ਹਾਜ਼ਰ ਸਨ।