ਕਿਸਾਨਾਂ ਦੇ ਵਫ਼ਦ ਨੇ ਵਿਧਾਇਕ ਹੈਪੀ ਨੂੰ ਮੰਗ ਪੱਤਰ ਸੌਂਪਿਆ
ਕਿਸਾਨਾਂ ਦੇ ਵਫਦ ਨੇ ਵਿਧਾਇਕ ਹੈਪੀ ਨੂੰ ਮੰਗ ਪੱਤਰ ਸੌਂਪਿਆ
Publish Date: Sat, 17 Jan 2026 04:15 PM (IST)
Updated Date: Sat, 17 Jan 2026 04:18 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਵੱਲੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬਲਦੇਵ ਸਿੰਘ ਦਮਹੇੜੀ ਨੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਬਿਜਲੀ ਐਕਟ 2025 ਨੂੰ ਰੱਦ ਕਰਵਾਉਣ ਸਬੰਧੀ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਪੰਜਾਬ ਸਰਕਾਰ ਵੱਲੋਂ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ ਤੇ ਬਿਜਲੀ ਵਿਭਾਗ ਦੇ ਕਬਜ਼ੇ ਵਾਲੀਆਂ ਜਮੀਨਾਂ ਵੇਚਣ ਦਾ ਫੈਸਲਾ ਵਾਪਸ ਲਿਆ ਜਾਵੇ। ਇਸ ਦੇ ਇਲਾਵਾ ਕਿਸਾਨਾਂ ਦੀਆਂ ਮੁੱਖ ਮੰਗਾਂ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ 100 ਫ਼ੀਸਦੀ ਭਰਭਾਈ, ਬੀਜ ਐਕਟ 2025 ਖੱਟੜਾ ਲਾਗੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੇ ਸੁਝਾ ਲਏ ਜਾਣ, ਪ੍ਰਦੂਸ਼ਣ ਐਕਟ ਵਿੱਚੋਂ ਫ਼ਸਲਾਂ ਦੀ ਰਹਿੰਦ ਖੂੰਦ ਨੂੰ ਸਾੜਨ ਸਬੰਧੀ ਧਾਰਾ ਹਟਾਈ ਜਾਵੇ, ਕਿਸਾਨਾਂ ਦੀ ਕਰਜ਼ਾ ਮੁਕਤੀ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ, ਕਾਸ਼ਤਕਾਰਾਂ ਨੂੰ ਮਾਲਕਾਨਾ ਹੱਕ ਦਿੱਤੇ ਜਾਣ, ਅਵਾਰਾ ਪਸ਼ੂਆਂ, ਜਾਨਵਰਾਂ ਤੇ ਕੰਟਰੋਲ ਕੀਤਾ ਜਾਵੇ, ਡੇਅਰੀ ਫਾਰਮਿੰਗ ਤੇ ਕਮਰਸ਼ੀਅਲ ਬਿਜਲੀ ਬਿੱਲ ਚਾਰਜ ਕਰਨਾ ਬੰਦ ਕੀਤਾ ਜਾਵੇ, ਪੰਜਾਬ ਸਰਕਾਰ ਸ਼ਾਰਦਾ-ਯਮੁਨਾ ਲਿੰਕ ਨਹਿਰ ਤੇ ਕੰਮ ਕਰਨ ਲਈ ਕੇਂਦਰ ਸਰਕਾਰ ਤੇ ਦਬਾਵ ਬਣਾਵੇ, ਅੰਤਰਰਾਸ਼ਟਰੀ ਸਰਹੱਦਾਂ ਦੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਆਦਿ ਮੁੱਖ ਤੌਰ ਤੇ ਸ਼ਾਮਲ ਹਨ। ਵਫਦ ਵਿਚ ਅੰਮ੍ਰਿਤ ਪਾਲ ਸਿੰਘ ਮੁੱਖ ਖ਼ਜ਼ਾਨਚੀ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਬਲਜੀਤ ਸਿੰਘ, ਸ਼ਮਸ਼ਾਦ ਅਲੀ, ਜਸਵਿੰਦਰ ਸਿੰਘ, ਇੰਦਰਪਾਲ ਸਿੰਘ, ਪ੍ਰਿਤਪਾਲ ਸਿੰਘ, ਅਮਰਪ੍ਰੀਤ ਸਿੰਘ ਆਦਿ ਆਗੂ ਸ਼ਾਮਲ ਸਨ।