Fatehgarh Sahib Accident : ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਬੱਸ ਹਾਦਸੇ ‘ਤੇਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪ੍ਰਗਟਾਇਆ ਦੁੱਖ
ਲੋਕ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪਿੰਡ ਮੈਨ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਨਿਰਦੋਸ਼ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋਏ ਹਨ।
Publish Date: Wed, 15 Apr 2026 05:50 PM (IST)
Updated Date: Wed, 15 Apr 2026 05:54 PM (IST)
ਫਤਿਹਗੜ੍ਹ ਸਾਹਿਬ : ਲੋਕ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਪਿੰਡ ਮੈਨ ਮਾਜਰੀ ਦੇ ਵਸਨੀਕਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਨਿਰਦੋਸ਼ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋਏ ਹਨ।
ਉਹਨਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਹਿਰਦੇ ਨੂੰ ਝੰਝੋੜ ਦੇਣ ਵਾਲੀ ਘਟਨਾ ਹੈ, ਜਿੱਥੇ ਪਿੰਡ ਮੈਨ ਮਾਜਰੀ ਦੇ ਰਹਿਣ ਵਾਲੇ ਸ਼ਰਧਾਲੂ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਅਤੇ ਅੱਧੀ ਰਾਤ ਦੇ ਸਮੇਂ ਹਿੰਮਤਪੁਰਾ ਨੇੜੇ ਬੱਸ ਦੇ ਕਾਬੂ ਤੋਂ ਬਾਹਰ ਹੋ ਕੇ ਪਲਟਣ ਕਾਰਨ ਇਹ ਵੱਡਾ ਹਾਦਸਾ ਵਾਪਰਿਆ।
ਉਹਨਾਂ ਦੁਖੀ ਪਰਿਵਾਰਾਂ ਨਾਲ ਗਹਿਰੀ ਸੰਵੇਦਨਾ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਜ਼ਖ਼ਮੀਆਂ ਨੂੰ ਜਲਦੀ ਤੰਦਰੁਸਤੀ ਪ੍ਰਦਾਨ ਕਰਨ।
ਬਤੌਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੀੜਤ ਪਰਿਵਾਰਾਂ ਲਈ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਨਾਲ ਹੀ ਉਨ੍ਹਾਂ ਨੇ ਹਾਦਸੇ ਦੀ ਪੂਰੀ ਜਾਂਚ ਕਰਨ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।