ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਮੁੜ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖੁਸ਼ ਹਨ ਅਤੇ ਇਕ ਵਾਰ ਫਿਰ ਪੰਜਾਬ ਦੀ ਬਾਗਡੋਰ 'ਆਪ' ਦੇ ਹੱਥਾਂ ਵਿੱਚ ਸੌਂਪਣ ਦਾ ਮਨ ਬਣਾ ਚੁੱਕੇ ਹਨ।
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਮੁੜ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖੁਸ਼ ਹਨ ਅਤੇ ਇਕ ਵਾਰ ਫਿਰ ਪੰਜਾਬ ਦੀ ਬਾਗਡੋਰ 'ਆਪ' ਦੇ ਹੱਥਾਂ ਵਿੱਚ ਸੌਂਪਣ ਦਾ ਮਨ ਬਣਾ ਚੁੱਕੇ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਹਰ ਪਰਿਵਾਰ ਨੂੰ ਹੁਣ ਮਹਿੰਗੇ ਇਲਾਜ ਕਰਵਾਉਣ ਵਾਸਤੇ ਵੱਡੇ ਹਸਪਤਾਲਾਂ ਦੇ ਵਿੱਚ ਨਹੀਂ ਜਾਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਡੀ ਗੋਬਿੰਦਗੜ੍ਹ ਦੇ ਜਿਮਖਾਨਾ ਕਲੱਬ ਵਿੱਚ ਰੱਖੇ ਗਏ ਇੱਕ ਮਿਲਣੀ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤੇ ।
ਇਸ ਮੌਕੇ ਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਟਕਸਾਲੀ ਅਕਾਲੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ, ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਕਮਲਜੀਤ ਕੌਰ ਭਾਂਬਰੀ, ਸਾਬਕਾ ਕੌਂਸਲਰ ਰਕੇਸ਼ ਸੋਫਤ, ਬਹੁਜਨ ਸਮਾਜ ਪਾਰਟੀ ਦੇ ਸਾਬਕਾ ਕੌਂਸਲਰ ਹਰਚੰਦ ਸਿੰਘ ਨਸਰਾਲੀ ਸਮੇਤ ਹੋਰ ਆਗੂਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਹ ਸਾਰੇ ਆਗੂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਪ੍ਰੇਰਨਾ ਨਾਲ ਪਾਰਟੀ ਵਿੱਚ ਸ਼ਾਮਲ ਹੋਏ ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਭਾਬਰੀ ਨੇ ਕਿਹਾ ਕਿ ਉਨ੍ਹਾਂ ਬਿਨਾਂ ਕਿਸੇ ਸ਼ਰਤ ਅਤੇ ਬਿਨਾਂ ਕਿਸੇ ਅਹੁਦੇ ਦੀ ਲਾਲਸਾ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣਾ ਤਜਰਬਾ ਲੋਕ ਸੇਵਾ ਲਈ ਸਮਰਪਿਤ ਕਰਦੇ ਹੋਏ ਹਲਕਾ ਅਮਲੋਹ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵੋਟਰਾਂ ਅਤੇ ਸਮਰਥਕਾਂ ਨੂੰ ਨਾਲ ਜੋੜਣਗੇ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਵੱਲੋਂ ਗੈਰਕਾਨੂੰਨੀ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਾਹੁਣ ਦੀ ਇਤਿਹਾਸਕ ਕਾਰਵਾਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਸਭ ਤੋਂ ਵੱਧ ਕਾਰਵਾਈਆਂ ਜਿਲਾ ਫਤਿਹਗੜ੍ਹ ਸਾਹਿਬ ਦੇ ਵਿੱਚ ਹੋਈਆਂ ਹਨ।ਇਸਦੇ ਨਾਲ ਹੀ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਸਭ ਤੋਂ ਵੱਡਾ ਹਿੱਸਾ ਖੇਡ ਢਾਂਚੇ ਲਈ ਰੱਖਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਨਵੇਂ ਖੇਡ ਮੈਦਾਨ ਅਤੇ ਸਹੂਲਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਸਰਕਾਰ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਾਰਾਸ਼ਟਰ, ਗੋਆ ਅਤੇ ਜੰਮੂ ਕਸ਼ਮੀਰ ਵਰਗੇ ਰਾਜਾਂ ਵਿੱਚ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਭਰ ਦੇ ਲੋਕ ਸਾਫ਼-ਸੁਥਰੀ ਅਤੇ ਇਮਾਨਦਾਰ ਸਿਆਸਤ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸੁਪਨਾ ਭਾਰਤ ਨੂੰ ਭ੍ਰਿਸ਼ਟਾਚਾਰ, ਨਸ਼ਾਖੋਰੀ ਅਤੇ ਗਲਤ ਰਵਾਇਤਾਂ ਤੋਂ ਮੁਕਤ ਕਰਕੇ ਆਮ ਆਦਮੀ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਲੋਕ-ਕਲਿਆਣਕਾਰੀ ਯੋਜਨਾਵਾਂ ਰਾਹੀਂ ਹਰ ਵਰਗ ਤੱਕ ਲਾਭ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਭਾਬਰੀ ਵਰਗੇ ਅਨੁਭਵੀ ਅਤੇ ਅਗਾਹਵਧੂ ਸੋਚ ਵਾਲੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਆਪ ਦੀ ਸਥਿਤੀ ਹੋਰ ਮਜ਼ਬੂਤ ਹੋਏਗੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਅਜੈ ਸਿੰਘ ਲਿਬੜਾ, ਸ਼ਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਚੇਅਰਮੈਨ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਦਰਸ਼ਨ ਸਿੰਘ ਚੀਮਾਂ, ਓਂਕਾਰ ਸਿੰਘ ਚੌਹਾਨ, ਸੰਚਿਤ ਸਿੰਗਲਾ, ਸੱਤਿਆਪਾਲ ਸਿੰਘ ਲੋਧੀ, ਅਮਰਜੀਤ ਸਿੰਘ ਵਾਲੀਆ, ਜਗਦੀਪ ਸਿੰਘ ਚੱਠਾ, ਸਤਨਾਮ ਸਿੰਘ ਚਾਵਲਾ, ਮਨੀਸ਼ ਗੁਪਤਾ, ਦੀਪਕ ਮਲਹੋਤਰਾ, ਅਮਿਤ ਠਾਕੁਰ, ਪਰਮਜੀਤ ਵਾਲੀਆ, ਹਰਚੰਦ ਸਿੰਘ ਨਸਰਾਲੀ, ਭਲਵਿੰਦਰ ਸਿੰਘ ਗੋਗੀ, ਕੌਂਸਲਰ ਵਿਨੀਤ ਕੁਮਾਰ ਬਿੱਟੂ, ਕੌਂਸਲਰ ਰਾਧਿਕਾ ਵਰਮਾ, ਕ੍ਰਿਸ਼ਨ ਵਰਮਾ ਬੋਬੀ, ਕੌਂਸਲਰ ਸੁਖਵਿੰਦਰ ਕੌਰ, ਗੀਤਾਂਜਲੀ, ਬੇਬੀ ਧੀਮਾਨ, ਮਨੋਜ ਜਸਵਾਲ, ਸਤਨਾਮ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।