ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਰਿਵਾਰ ਸਮੇਤ ਪਾਈ ਵੋਟ; ਕਿਹਾ- 'ਸਰਹਿੰਦ ਦੇ ਸੁਨੇਹਰੇ ਭਵਿੱਖ ਅਤੇ ਵਿਕਾਸ ਲਈ ਵੋਟਿੰਗ ਅਹਿਮ'
ਨਗਰ ਕੌਂਸਲ ਸਰਹਿੰਦ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਪਰਿਵਾਰ ਸਮੇਤ ਬੂਥ ਨੰਬਰ 45, ਸਰਹਿੰਦ ਸ਼ਹਿਰ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਲੋਕਤੰਤਰ ਦੇ ਇਸ ਮਹਾਂਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਵੋਟ ਸ਼ਹਿਰ ਦੇ ਵਿਕਾਸ ਅਤੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ।
Publish Date: Tue, 26 May 2026 10:21 AM (IST)
Updated Date: Tue, 26 May 2026 10:26 AM (IST)

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ - ਨਗਰ ਕੌਂਸਲ ਸਰਹਿੰਦ ਚੋਣਾਂ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਪਰਿਵਾਰ ਸਮੇਤ ਬੂਥ ਨੰਬਰ 45, ਸਰਹਿੰਦ ਸ਼ਹਿਰ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਲੋਕਤੰਤਰ ਦੇ ਇਸ ਮਹਾਂਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਇੱਕ ਵੋਟ ਸ਼ਹਿਰ ਦੇ ਵਿਕਾਸ ਅਤੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ।
ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਰਹਿੰਦ ਸ਼ਹਿਰ ਦੇ ਲੋਕ ਵਿਕਾਸ, ਤਰੱਕੀ ਅਤੇ ਇਮਾਨਦਾਰ ਪ੍ਰਸ਼ਾਸਨ ਦੇ ਹੱਕ ਵਿੱਚ ਆਪਣਾ ਫੈਸਲਾ ਸੁਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ ਅਤੇ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸਰਹਿੰਦ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਭਰਪੂਰ ਸਮਰਥਨ ਕਾਂਗਰਸ ਪਾਰਟੀ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੇ ਨਤੀਜੇ ਵਿਕਾਸ ਪੱਖੀ ਹੋਣਗੇ।
ਨਾਗਰਾ ਨੇ ਕਿਹਾ ਕਿ ਸਰਹਿੰਦ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਭਲੀਭਾਂਤ ਜਾਣੂ ਹਨ ਅਤੇ ਇਸ ਵਾਰ ਉਹ ਵਿਕਾਸ ਦੇ ਨਾਮ ‘ਤੇ ਵੋਟ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਸ਼ਹਿਰ ਵਿੱਚ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਨੂੰ ਯਾਦ ਹਨ ਅਤੇ ਲੋਕ ਮੁੜ ਉਸੇ ਵਿਕਾਸਮੁਖੀ ਸੋਚ ਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਸਿਰਫ਼ ਉਮੀਦਵਾਰਾਂ ਦੀ ਨਹੀਂ, ਸਗੋਂ ਸਰਹਿੰਦ ਦੇ ਭਵਿੱਖ ਦੀ ਚੋਣ ਹੈ। ਲੋਕਾਂ ਦਾ ਉਤਸ਼ਾਹ ਅਤੇ ਪਿਆਰ ਇਹ ਦਰਸਾ ਰਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ ਮੈਂਬਰ ਉਨ੍ਹਾਂ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ, ਸਪੁੱਤਰ ਕੁਲਮਨਬੀਰ ਸਿੰਘ ਨਾਗਰਾ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਵੋਟ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।