ਸਫ਼ਾਈ ਸੇਵਕਾਂ ਦੇ ਧਰਨੇ ’ਚ ਪੁੱਜੇ ਨਾਗਰਾ
ਸਫ਼ਾਈ ਸੇਵਕਾਂ ਦੇ ਧਰਨੇ ’ਚ ਪਹੁੰਚੇ ਸਾਬਕਾ ਵਿਧਾਇਕ ਨਾਗਰਾ
Publish Date: Tue, 19 May 2026 06:12 PM (IST)
Updated Date: Tue, 19 May 2026 06:15 PM (IST)

ਫ਼ੋਟੋ ਫ਼ਾਈਲ : 15 ਸਫ਼ਾਈ ਸੇਵਕਾਂ ਦੇ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ। ਸਾਬਕਾ ਵਿਧਾਇਕ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ-ਫਤਹਿਗੜ੍ਹ ਸਾਹਿਬ ਦੀ ਨਗਰ ਕੌਂਸਲ ਵਿਖੇ ਸਫਾਈ ਸੇਵਕਾਂ ਵੱਲੋਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਇਸ ਧਰਨੇ ਵਿਚ ਅੱਜ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਧਰਨਾਕਾਰੀ ਸਫਾਈ ਕਰਮਚਾਰੀਆਂ ਨਾਲ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ। ਇਸ ਮੌਕੇ ਉਨ੍ਹਾਂ ਨੇ ਧਰਨੇ ’ਤੇ ਬੈਠੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਵੀ ਖੜ੍ਹੇ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਨਾਗਰਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਿਆਂ ’ਤੇ ਬੈਠੇ ਹਨ, ਪਰ ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਕੋਲ ਇਨ੍ਹਾਂ ਮਜ਼ਦੂਰ ਵਰਗ ਦੇ ਲੋਕਾਂ ਦੀ ਗੱਲ ਸੁਣਨ ਲਈ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਗੂ ਆਪਣੇ ਰਾਜਨੀਤਿਕ ਕਾਰਜਾਂ ਅਤੇ ਪ੍ਰਚਾਰ ਵਿਚ ਵਿਅਸਤ ਹਨ, ਜਦਕਿ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਚੁੱਕੇ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਗਰਾ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਸਫਾਈ ਕਰਮਚਾਰੀਆਂ ਨੂੰ ਕੰਟਰੈਕਟ ਆਧਾਰ ’ਤੇ ਭਰਤੀ ਕੀਤਾ ਗਿਆ ਸੀ ਅਤੇ ਉਨ੍ਹਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਤਿੰਨ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਫਾਈ ਸੇਵਕਾਂ ਨਾਲ ਧੋਖਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਸਰਕਾਰ ਦੇ ਸੋਹ ਚੱਕਣ ਸਾਰ ਹੀ 1 ਅਪ੍ਰੈਲ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਭਰੋਸੇ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਭੱਤਿਆਂ ਵਿਚ ਵਾਧਾ ਕੀਤਾ ਜਾਵੇ, ਉਨ੍ਹਾਂ ਨੂੰ ਮੈਡੀਕਲ ਸੁਵਿਧਾਵਾਂ ਦਿੱਤੀਆਂ ਜਾਣ ਅਤੇ ਹੋਰ ਸਰਕਾਰੀ ਲਾਭਾਂ ਨਾਲ ਜੋੜਿਆ ਜਾਵੇ ਤਾਂ ਜੋ ਉਹ ਵੀ ਸਨਮਾਨ ਨਾਲ ਆਪਣੀ ਜ਼ਿੰਦਗੀ ਬਿਤਾ ਸਕਣ। ਅੰਤ ਵਿਚ ਨਾਗਰਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਨਾ ਸਮਝਿਆ ਜਾਵੇ ਕਿ ਸਫਾਈ ਸੇਵਕ ਕੁੱਝ ਦਿਨ ਧਰਨਾ ਦੇ ਕੇ ਵਾਪਸ ਚਲੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਜ਼ਿਲ੍ਹਾ ਪ੍ਰੈੱਸ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਅਨੰਦ ਮੋਹਨ, ਪਵਨ ਕਾਲੜਾ, ਜਗਜੀਤ ਕੋਕੀ, ਧਰਮਿੰਦਰ ਸਿੰਘ ਨਬੀਪੁਰ, ਅਮਰਿੰਦਰ ਸਿੰਘ ਰੇਖੀ, ਰਾਜੇਸ਼਼ ਕੁਮਾਰ ਸ਼ੀਨੂੰ ਆਦਿ ਮੌਜੂਦ ਸਨ।