ਫਰਦ ਕੇਂਦਰ ਆਪ੍ਰੇਟਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ
ਫਰਦ ਕੇਂਦਰ ਆਪ੍ਰੇਟਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ
Publish Date: Fri, 08 May 2026 07:20 PM (IST)
Updated Date: Fri, 08 May 2026 07:20 PM (IST)

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਮਿੰਨੀ ਸਕੱਤਰੇਤ ਵਿਖੇ ਸਥਿਤ ਫਰਦ ਕੇਂਦਰ ਚ ਸੇਵਾ ਨਿਭਾ ਰਹੇ ਡਾਟਾ ਐਂਟਰੀ ਓਪਰੇਟਰਾਂ ਵੱਲੋਂ 7 ਮਈ (ਵੀਰਵਾਰ) ਤੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਹੈ। ਜਾਣਕਾਰੀ ਦਿੰਦਿਆਂ ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸ਼ਰਮਾ ਨੇ ਦੱਸਿਆ ਕਿ ਫਰਦ ਕੇਂਦਰਾਂ ਚ ਡਾਟਾ ਐਂਟਰੀ ਆਪਰੇਟਰ ਭਾਵੇਂ 15 ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਫਿਰ ਵੀ ਇਹਨਾਂ ਕਰਮਚਾਰੀਆਂ ਦੀਆਂ ਸੇਵਾਵਾਂ ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਉਦਾਹਰਣ ਵਜੋਂ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਵੱਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ਵਿੱਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ ਨਾਲ ਲਗਭਗ 133 ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀ ਨੌਕਰੀ ‘ਤੇ ਸਿੱਧਾ ਖਤਰਾ ਬਣਿਆ ਹੈ, ਜਦੋਂ ਕਿ ਫਰਦ ਕੇਂਦਰਾਂ ਵਿੱਚ 800 ਤੋਂ ਵੱਧ ਡਾਟਾ ਐਂਟਰੀ ਓਪਰੇਟਰਾਂ ਪਿਛਲੇ 15–18 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪ੍ਰਧਾਨ ਕਮਲਦੀਪ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਤਰਨਤਾਰਨ ਜ਼ਿਲ੍ਹੇ ਦੇ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ‘ਚ ਵੀ ਜਥੇਬੰਦੀ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਵੱਲੋਂ ਬਹਾਲੀ ਦੇ ਭਰੋਸੇ ਦੇ ਬਾਵਜੂਦ ਕਈ ਮਹੀਨਿਆਂ ਤੋਂ ਕੋਈ ਕਾਰਵਾਈ ਨਾ ਹੋਣ ‘ਤੇ ਜਥੇਬੰਦੀ ਵੱਲੋਂ ਗੰਭੀਰ ਨਾਰਾਜ਼ਗੀ ਜਤਾਈ ਗਈ ਹੈ। ਬੀਤੇ ਦਿਨੀਂ ਪਟਿਆਲਾ ਦੇ ਫਰਦ ਕੇਂਦਰ ਮੁਲਾਜ਼ਮਾ ਵੱਲੋਂ ਐਸਡੀਐਮ ਗੁਰਦੇਵ ਸਿੰਘ ਧੰਮ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ। ਕਲਮ ਛੋੜ ਹੜਤਾਲ ਦੌਰਾਨ ਭਾਵੇਂ ਫਰਦ ਕਢਾਉਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਆਪਰੇਟਰਾਂ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸ਼ਰਮਾ, ਰਣਧੀਰ ਸਿੰਘ ਪਾਤੜਾਂ, ਸਰਬਜੀਤ ਕੌਰ, ਸਕਿੰਦਰ ਸਿੰਘ, ਰਣਜੀਤ ਸਿੰਘ, ਗੁਰਸਿਮਰਨ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ। ਜਥੇਬੰਦੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਉਨਾਂ ਦੀ ਇਹ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਰੱਖੀ ਜਾਵੇਗੀ ਅਤੇ ਇਸ ਦੌਰਾਨ ਲੋਕਾਂ ਨੂੰ ਆਉਣ ਵਾਲੀ ਪਰੇਸ਼ਾਨੀ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।