ਪ੍ਰਭਾਵਿਤ ਕਣਕ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ : ਚਨਾਰਥਲ
ਗੜ੍ਹੇਮਾਰੀ ਤੇ ਅੱਗ ਨਾਲ ਪ੍ਰਭਾਵਿਤ ਕਣਕ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ : ਚਨਾਰਥਲ
Publish Date: Thu, 23 Apr 2026 06:09 PM (IST)
Updated Date: Thu, 23 Apr 2026 06:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ ਨੇ ਸਰਕਾਰ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀਆਂ ਅਤੇ ਬਦਲਦੇ ਮੌਸਮ ਦੀ ਮਾਰ ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਬੰਧਾਂ ਦੀ ਘਾਟ ਕਾਰਨ ਹਰ ਸਾਲ ਕਿਸਾਨਾਂ ਦੀ ਪੱਕੀ ਹੋਈ ਫ਼ਸਲ ਅੱਗ ਦੀ ਭੇਟ ਚੜ੍ਹ ਰਹੀ ਹੈ। ਇਸ ਤੋਂ ਇਲਾਵਾ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਕਾਰਨ ਗੜ੍ਹੇਮਾਰੀ ਨਾਲ ਵੀ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਤੰਗੀ ਝੱਲ ਰਹੇ ਕਿਸਾਨਾਂ ਦੇ ਸੁਪਨੇ ਰੋਲ਼ੇ ਜਾ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜਥੇਬੰਦੀਆਂ ਲੰਮੇ ਸਮੇਂ ਤੋਂ ਫ਼ਸਲਾਂ ਦੇ ਪੂਰੇ ਬੀਮੇ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਗੜੇਮਾਰੀ ਕਾਰਨ ਝੜੀ ਅਤੇ ਅੱਗ ਨਾਲ ਸੜੀ ਕਣਕ ਦਾ ਬਣਦਾ ਪੂਰਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਮੰਡੀਆਂ ਦੇ ਹਾਲਾਤ ਤੇ ਬੋਲਦਿਆਂ ਕਿਹਾ ਕਿ ਪਹਿਲਾਂ ਕਣਕ ਦੀ ਖ਼ਰੀਦ ਬੜੀ ਮੁਸ਼ਕਿਲ ਨਾਲ ਸ਼ੁਰੂ ਹੋਈ ਸੀ ਅਤੇ ਹੁਣ ਮੰਡੀਆਂ ਵਿੱਚ ਲਿਫਟਿੰਗ ਨਾ ਹੋਣ ਕਾਰਨ ਵੱਡੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਬਣਦੀ ਰਕਮ ਤੁਰੰਤ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਾਈ ਜਾਵੇ।