ਵਿਕਾਸ ਲਈ ਸਾਢੇ ਤਿੰਨ ਕਰੋੜ ਦੀਆਂ ਗ੍ਰਾਂਟਾਂ ਜਾਰੀ
ਵਿਕਾਸ ਲਈ ਸਾਢੇ ਤਿੰਨ ਕਰੋੜ ਦੀਆਂ ਗ੍ਰਾਂਟਾਂ ਜਾਰੀ
Publish Date: Fri, 28 Nov 2025 05:11 PM (IST)
Updated Date: Fri, 28 Nov 2025 05:14 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸਾਢੇ ਤਿੰਨ ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ ਕੀਤੀਆਂ ਗਈਆਂ। ਪੰਚਾਇਤਾਂ ਨੂੰ ਗ੍ਰਾਂਟਾਂ ਦੇ ਪੱਤਰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵੰਡੇ। ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਉੱਤੇ ਤੋਰਨ ਲਈ ਵਚਨਬੱਧ ਹੈ ਤੇ ਇਸ ਮਕਸਦ ਨਾਲ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਮੁਹਿੰਮ ਤਹਿਤ ਹਲਕਾ ਸ਼ੁਤਰਾਣਾ ਦੀਆਂ ਪੰਚਾਇਤਾਂ ਨੂੰ ਸਾਢੇ ਤਿੰਨ ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਹਲਕੇ ਦੇ ਪਿੰਡਾਂ ’ਚ ਜਿੱਥੇ ਗਲੀਆਂ ਨਾਲੀਆਂ ਦਾ ਕੰਮ ਵੱਡੇ ਪੱਧਰ ਉੱਤੇ ਕੀਤਾ ਜਾ ਰਿਹਾ ਹੈ ਉੱਥੇ ਸਾਂਝੇ ਕੰਮਾਂ ਲਈ ਵਰਤੋਂ ’ਚ ਆਉਣ ਵਾਲੇ ਕਈ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਰੰਗਲਾ ਪੰਜਾਬ ਮੁਹਿੰਮ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਮੁਹਿੰਮ ਤਹਿਤ ਸੂਬੇ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਹਲਕਾ ਸ਼ੁਤਰਾਣਾ ’ਚ 93 ਕਿਲੋਮੀਟਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਡਰੋਲੀ, ਸੀਨੀਅਰ ਆਗੂ ਕੁਲਦੀਪ ਸਿੰਘ ਥਿੰਦ, ਕਿਸਾਨ ਵਿੰਗ ਦੇ ਸੂਬਾ ਸਕੱਤਰ ਬੂਟਾ ਸਿੰਘ ਸ਼ੁਤਰਾਣਾ, ਤੇਜਿੰਦਰ ਸਿੰਘ ਤੇਜੀ ਬੂਰੜ ਬਲਾਕ ਪ੍ਰਧਾਨ ਬਲਜੀਤ ਸਿੰਘ ਸਹੋਤਾ, ਹਰਦੀਪ ਸਿੰਘ ਸ਼ਾਹਪੁਰ, ਨੌਜਵਾਨ ਆਗੂ ਗੋਲਡੀ ਬਰਾਸ, ਸਰਪੰਚ ਕਿੱਕਰ ਸਿੰਘ ਨੂਰਪੁਰਾ ਅਤੇ ਸਰਪੰਚ ਸੁਰੇਸ਼ ਕੁਮਾਰ ਸ਼ੁਤਰਾਣਾ ਆਦਿ ਹਾਜ਼ਰ ਸਨ।