ਗੁਰਲਾਲ ਘਨੌਰ ਵੱਲੋਂ ਕਰੋੜਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ
ਘਨੌਰ ‘ਚ ਵਿਕਾਸ ਦੀ ਰਫ਼ਤਾਰ ਤੇਜ਼: ਗੁਰਲਾਲ ਘਨੌਰ ਵੱਲੋਂ ਕਰੋੜਾਂ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ
Publish Date: Sat, 18 Apr 2026 08:02 PM (IST)
Updated Date: Sun, 19 Apr 2026 04:16 AM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ: ਹਲਕਾ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਭੋਗਲਾਂ ਵਿੱਚ ਕਈ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਲਗਵਾਈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਵਿਧਾਇਕ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਲਗਭਗ 2.52 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ। ਇਸ ਤੋਂ ਇਲਾਵਾ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੈਲਥ ਵੈਲਨੈੱਸ ਸੈਂਟਰ ਲੋਕਾਂ ਨੂੰ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਹੋਰ ਐਲਾਨ ਕਰਦੇ ਹੋਏ ਦੱਸਿਆ ਕਿ 5 ਲੱਖ ਰੁਪਏ ਨਾਲ ਧਰਮਸ਼ਾਲਾ, 15.25 ਲੱਖ ਰੁਪਏ ਨਾਲ ਪੱਕਾ ਰਸਤਾ ਅਤੇ 3 ਲੱਖ ਰੁਪਏ ਨਾਲ ਸ਼ਮਸ਼ਾਨਘਾਟ ਵਿੱਚ ਵੇਟਿੰਗ ਸ਼ੈੱਡ ਬਣਾਇਆ ਜਾਵੇਗਾ। ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਫੈਸਲੇ ਲਏ ਜਾ ਰਹੇ ਹਨ, ਜਿਸ ਨਾਲ ਹਰ ਪਿੰਡ ਵਿੱਚ ਵਿਕਾਸ ਦਿੱਖ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਘਨੌਰ ਨੂੰ ਹੋਰ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਣਗੇ।