ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਗੁਰੂ ਘਰ ਨਤਮਸਤਕ
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ
Publish Date: Thu, 30 Apr 2026 05:32 PM (IST)
Updated Date: Thu, 30 Apr 2026 05:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਿਮਰਤਾ ਦੇ ਪੁੰਜ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ ਅਤੇ ਗੁਰੂ ਅਮਰਦਾਸ ਜੀ ਦੀ ਚਰਨਛੋਹ ਧਰਤੀ ਇਤਿਹਾਸਕ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਅਤੇ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਕਥਾਵਾਚਕ ਗਿਆਨੀ ਮਾਨ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਨਥਾਣਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸਿੱਧੂ ਸਮੇਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਗਵਾਈ। ਇਸ ਦੌਰਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਲੜੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਭਾਰਤੀ ਘੱਟ ਗਿਣਤੀ ਦਲਿਤ ਫ਼ਰੰਟ ਦੇ ਪ੍ਰਧਾਨ ਜੋਗਿੰਦਰ ਸਿੰਘ ਪੰਛੀ, ਜਥੇਦਾਰ ਲਾਲ ਸਿੰਘ ਮਰਦਾਂਪੁਰ, ਮੀਤ ਮੈਨੇਜਰ ਨਵਜਿੰਦਰ ਸਿੰਘ, ਪ੍ਰਬੰਧਕ ਰਣਸ਼ਰਨ ਸਿੰਘ ਮੁਲਤਾਨੀ, ਭਾਈ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾਂ ਨੇ ਸਟੇਜ ਦਾ ਸੰਚਾਲਨ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ।