ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
Publish Date: Sun, 12 Apr 2026 06:11 PM (IST)
Updated Date: Mon, 13 Apr 2026 04:11 AM (IST)

ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਜਲਦ ਤੋਂ ਜਲਦ ਭਰਨ ਦੀ ਵੀ ਹਦਾਇਤ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀ “ਨਮਸਤੇ ਪੋਰਟਲ ਉੱਪਰ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਮਿਸ਼ਨ ਵੱਲੋਂ ਬਿਲਕੁਲ ਮੁਫ਼ਤ ਸਫਾਈ ਕਿੱਟਾਂ ਤੇ ਸੁਰੱਖਿਆ ਲਈ ਹੋਰ ਸਮਾਨ ਦਿੱਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਹਦਾਇਤ ਦਿੱਤੀ ਕਿ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ ਬਣਾ ਕੇ ਦਿੱਤੇ ਜਾਣ ਤੇ ਉਨ੍ਹਾਂ ਉੱਪਰ ਬਲੱਡ ਗਰੁੱਪ ਜ਼ਰੂਰ ਦਰਜ ਕੀਤਾ ਜਾਵੇ। ਸਫ਼ਾਈ ਕਰਮਚਾਰੀਆਂ ਦਾ ਬੀਮਾ ਵੀ ਯਕੀਨੀ ਬਣਾਇਆ ਜਾਵੇ। ਨਾਲ ਹੀ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਨਿਯਮਤ ਤੌਰ ਤੇ ਸਿਹਤ ਜਾਂਚ ਕੈਂਪ ਲਾਏ ਜਾਣ ਅਤੇ ਸਫਾਈ ਕਰਮਚਾਰੀਆਂ ਦੀ ਸਿਹਤ ਸਬੰਧੀ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਗਈ ਕਿ ਸਫ਼ਾਈ ਕਰਮੀਆਂ ਦੀ ਸਹੀ ਗਿਣਤੀ, ਸਮਾਜਿਕ ਸਥਿਤੀ ਤੇ ਹਾਲਾਤ ਬਾਰੇ ਸਰਵੇ ਇਕ ਮਹੀਨੇ ਵਿਚ ਮੁਕੰਮਲ ਕਰ ਕੇ ਰਿਪੋਰਟ ਕੌਮੀ ਸਫ਼ਾਈ ਕਮਿਸ਼ਨ ਨੂੰ ਭੇਜੀ ਜਾਵੇ। ਇਸ ਦੇ ਨਾਲ-ਨਾਲ ਐਮ.ਐੱਸ. ਐਕਟ 2013 ਬਾਰੇ ਜਾਗਰੂਕਤਾ ਲਈ ਕੈਂਪ ਅਤੇ ਵਰਕਸ਼ਾਪਾਂ ਲਾਈਆਂ ਜਾਣ। ਨਿਰਦੇਸ਼ ਦਿੱਤੇ ਗਏ ਕਿ ਸਾਰੇ ਵਿਭਾਗਾਂ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਨੂੰ ਤੁਰੰਤ ਪ੍ਰਭਾਵ ਨਾਲ ਭਰਿਆ ਜਾਵੇ। ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਦੀ ਭਲਾਈ ਤੇ ਹੱਕਾਂ ਦੀ ਰਾਖੀ ਲਈ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਮੇਟੀਆਂ ਬਣਾਈਆਂ ਜਾਣ, ਜਿਨ੍ਹਾਂ ਦੀ ਹਰੇਕ 3 ਮਹੀਨੇ ਬਾਅਦ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ, ਐੱਸਪੀ ਨਵਰੀਤ ਸਿੰਘ ਵਿਰਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।