ਵਿੱਤ ਮੰਤਰੀ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ਼੍ਰੀ ਰਾਮ ਗਊਸ਼ਾਲਾ ਦਾ ਦੌਰਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ
Publish Date: Sun, 03 May 2026 05:40 PM (IST)
Updated Date: Sun, 03 May 2026 05:41 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ਼੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ।