ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਅਡਵਾਇਜ਼ਰੀ ਜਾਰੀ
Publish Date: Tue, 19 May 2026 05:14 PM (IST)
Updated Date: Tue, 19 May 2026 05:15 PM (IST)

ਫ਼ੋਟੋ ਫ਼ਾਈਲ : 6 ਅਰਵਿੰਦਰ ਪਾਲ ਸਿੰਘ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਦਿਨੋ-ਦਿਨ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਮਨੁੱਖੀ ਸਰੀਰ ’ਤੇ ਇਸ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਰੀਰ ਲਈ ਘਾਤਕ ਹੋ ਸਕਦੀ ਹੈ, ਪਰ ਕੁਝ ਸਾਵਧਾਨੀਆਂ ਵਰਤ ਕੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸਬੰਧਤ ਮੁਸ਼ਕਿਲਾਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਨਵ-ਜਨਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਵਿਸ਼ੇਸ਼ ਤੌਰ ’ਤੇ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਹਰ ਅੱਧੇ ਘੰਟੇ ਬਾਅਦ, ਭਾਵੇਂ ਪਿਆਸ ਨਾ ਵੀ ਲੱਗੀ ਹੋਵੇ, ਤਾਂ ਵੀ ਪਾਣੀ ਪੀਣਾ ਚਾਹੀਦਾ ਹੈ। ਬਾਹਰ ਧੁੱਪ ਵਿੱਚ ਕੰਮ ਕਰਨ ਵੇਲੇ ਹਲਕੇ ਰੰਗ ਦੇ ਅਤੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ। ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਅਜਿਹੇ ਮੌਸਮ ਦੌਰਾਨ ਓਆਰਐਸ, ਨਿੰਬੂ-ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਕਰੀਮ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸਮੇ ਪਹਿਨੋ। ਥੋੜਾ ਖਾਣਾ ਖਾਓ ਅਤੇ ਜ਼ਿਆਦਾ ਵਾਰ ਖਾਓ। ਠੰਡੇ ਪਾਣੀ ਵਿੱਚ ਅਕਸਰ ਨਹਾਓ ਅਤੇ ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ। ਜੇ ਕਸਰਤ ਕਰਦੇ ਹੋ ਤਾਂ ਹੌਲੀ-ਹੌਲੀ ਸ਼ੁਰੂ ਕਰੋ ਅਤੇ ਹੌਲੀ-ਹੌਲੀ ਵਧਾਓ ਤਾਂ ਕਿ ਸਰੀਰ ਤਾਪਮਾਨ ਦੇ ਅਨੁਕੂਲ ਹੋ ਸਕੇ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ਤੇ ਹੇਠਲੀ ਮੰਜ਼ਿਲ ’ਤੇ ਰਹਿਣ ਦੀ ਕੋਸ਼ਿਸ਼ ਕਰੋ। ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ ਅਤੇ ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ। ਚਾਹ ਅਤੇ ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਤਲੇ ਹੋਏ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ ਅਤੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਉਨ੍ਹਾਂ ਦੱਸਿਆ ਕਿ ਅਸਥਿਰਤਾ ਦੇ ਨਾਲ ਬਦਲਿਆ ਮਾਨਸਿਕ ਸੰਤੁਲਨ, ਗੱਲ ਸਮਝਣ ਵਿੱਚ ਮੁਸ਼ਕਿਲ, ਚਿੜਚਿੜਾਪਣ, ਅਟੈਕਸੀਆ, ਜ਼ੁਬਾਨ ਦਾ ਲੜਖੜਾਉਣਾ, ਤੋਰ ਦਾ ਲੜਖੜਾਉਣਾ, ਦੌਰਾ ਪੈਣਾ, ਚਮੜੀ ਦਾ ਗਰਮ, ਲਾਲ ਅਤੇ ਖੁਸ਼ਕ ਹੋਣਾ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਣਾ, ਬਹੁਤ ਤੇਜ਼ ਸਿਰ ਦਰਦ, ਚੱਕਰ ਆਉਣੇ, ਬੇਹੋਸ਼ੀ, ਮਾਸਪੇਸ਼ੀਆਂ ਦੀ ਕਮਜ਼ੋਰੀ, ਕੜਵੱਲ ਪੈਣੇ, ਉਲਟੀਆਂ ਆਉਣੀਆਂ ਅਤੇ ਦਿਲ ਦੀ ਧੜਕਣ ਤੇਜ਼ ਹੋਣਾ ਆਦਿ ਲੱਛਣ ਦਿਖਾਈ ਦੇਣ ਤਾਂ ਵਿਅਕਤੀ ਨੂੰ ਤੁਰੰਤ ਛਾਵੇਂ ਲਿਟਾ ਦਿੱਤਾ ਜਾਵੇ। ਉਸ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ ਅਤੇ ਸਰੀਰ ’ਤੇ ਠੰਡੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਤੇ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਰੂਰਤ ਪੈਣ ’ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ’ਤੇ ਫੋਨ ਕੀਤਾ ਜਾਵੇ ਅਤੇ ਸਿਹਤ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।