ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਚ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ ਕੁੜੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਨੂੰ ਸੁਰੱਖਿਅਤ, ਸੁਵਿਧਾਜਨਕ ਤੇ ਆਰਾਮਦਾਇਕ ਰਹਾਇਸ਼ੀ ਸਹੂਲਤਾਂ ਪ੍ਰਦਾਨ ਕਰੇਗਾ। ਹੋਸਟਲ ਵਿੱਚ ਆਧੁਨਿਕ ਕਮਰੇ, ਸਾਫ਼-ਸੁਥਰੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧ ਅਤੇ ਪੜ੍ਹਾਈ ਲਈ ਉਚਿਤ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥਣਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਲਈ ਨਵੀਆਂ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਾਰਡ ਅਤੇ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਇਸ ਉਪਰੰਤ ਸਿਹਤ ਮੰਤਰੀ ਨੇ ਪਟਿਆਲਾ ਪੰਚਾਇਤ ਭਵਨ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਦੋ ਜਾਗਰੂਕਤਾ ਈ-ਆਟੋ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਈ-ਆਟੋ ਰਿਕਸ਼ੇ ਪਟਿਆਲਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਸ਼ਿਕਾਇਤ ਬਕਸਾ ਵੀ ਲਗਾਇਆ ਗਿਆ ਹੈ, ਜਿਸ ਰਾਹੀਂ ਹਰ ਵਿਅਕਤੀ ਆਪਣੀ ਜਾਣਕਾਰੀ, ਸੁਝਾਅ ਜਾਂ ਸ਼ਿਕਾਇਤ ਸਾਂਝੀ ਕਰ ਸਕੇਗਾ। ਇਸ ਮੌਕੇ ਚਰਨਜੀਤ ਐਸ ਕੇ, ਐਮਸੀ ਜਤਿੰਦਰ ਕੌਰ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਢਿੱਲੋਂ, ਜਸਬੀਰ ਗਾਂਧੀ, ਯਸ਼ਪਾਲ ਸ਼ਰਮਾ, ਸੁਰੇਸ਼ ਰਾਏ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਮੌਜੂਦ ਸਨ।