18 ਮਈ ਦੀ ਮੀਟਿੰਗ ‘ਚ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਤੇ ਹੜਤਾਲ ਦਾ ਐਲਾਨ
18 ਮਈ ਦੀ ਮੀਟਿੰਗ ‘ਚ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਤੇ ਹੜਤਾਲ ਦਾ ਐਲਾਨ
Publish Date: Sat, 16 May 2026 05:14 PM (IST)
Updated Date: Sun, 17 May 2026 04:04 AM (IST)

ਪਨਬੱਸ/ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਭਰ ’ਚ ਗੇਟ ਰੈਲੀਆਂ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ,ਸੰਗਰੂਰ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬਾ ਭਰ ਦੇ 27 ਡਿੱਪੂਆਂ ਵਿਚ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਤੇ ਟਰਾਂਸਪੋਰਟ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੰਗਰੂਰ ਡਿੱਪੂ ਵਿਖੇ ਹੋਈ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਤੇ ਸਰਕਾਰੀ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਦੀ ਬਜਾਏ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ 400 ਤੋਂ 500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀਆਂ ਹਨ ਪਰ ਨਵੀਆਂ ਬੱਸਾਂ ਪਾਉਣ ਦੀ ਥਾਂ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ’ਚ ਬੱਸਾਂ ਦੇ ਟਾਇਰ ਤੇ ਸਪੇਅਰ ਪਾਰਟਸ ਤੱਕ ਦੀ ਘਾਟ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ 28 ਨਵੰਬਰ 2025 ਦੇ ਸੰਘਰਸ਼ ਦੌਰਾਨ ਕੱਚੇ ਮੁਲਾਜ਼ਮਾਂ ‘ਤੇ ਧਾਰਾ 307 ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ, ਪਰ ਸਰਕਾਰ ਨੇ ਨਾ ਤਾਂ ਉਨ੍ਹਾਂ ਦੀ ਰਿਹਾਈ ਲਈ ਕਦਮ ਚੁੱਕੇ ਅਤੇ ਨਾ ਹੀ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਕੋਈ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਹੁਣ ਵਿਭਾਗ ਵੱਲੋਂ ਸਪੈਸ਼ਲ ਕਾਡਰ ਪਾਲਸੀ 2023 ਨੂੰ ਜ਼ਬਰਦਸਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਸਤਵਿੰਦਰ ਸਿੰਘ ਦਿਆਲਗੜ੍ਹ, ਪੁਸ਼ਪਿੰਦਰ ਸਿੰਘ ਸਮਾਣਾ, ਪਰਮਿੰਦਰ ਸਿੰਘ ਜੱਸੜ ਅਤੇ ਹੋਰ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਵਿੱਚ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ, ਕੱਚੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ, ਕਿਲੋਮੀਟਰ ਸਕੀਮ ਬੰਦ ਕਰਨਾ, 10 ਹਜ਼ਾਰ ਸਰਕਾਰੀ ਬੱਸਾਂ ਚਲਾਉਣਾ ਅਤੇ ਤਨਖਾਹਾਂ ਵਿੱਚ ਇਕਸਾਰਤਾ ਸ਼ਾਮਲ ਹਨ। ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ 15 ਮਈ ਦੀ ਮੀਟਿੰਗ ਹੁਣ 18 ਮਈ ਲਈ ਰੱਖੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਯੂਨੀਅਨ ਵੱਲੋਂ ਤੁਰੰਤ ਤਿੱਖਾ ਸੰਘਰਸ਼ ਅਤੇ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ।