ਸਰਕਾਰ ਨੇ ਵਾਅਦਿਆਂ ਨੂੰ ਨਹੀਂ ਕੀਤਾ ਪੂਰਾ : ਨਾਗਰਾ
ਸਰਕਾਰ ਨੇ ਵਾਅਦੇ ਤੁਰੰਤ ਪੂਰੇ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ : ਨਾਗਰਾ
Publish Date: Fri, 06 Mar 2026 06:27 PM (IST)
Updated Date: Fri, 06 Mar 2026 06:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਦੇ ਹੋਏ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਲ ਹੋਏ। ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ 1000 ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਤੁਰੰਤ ਮਹਿਲਾਵਾਂ ਨੂੰ ਪਿਛਲੇ ਚਾਰ ਸਾਲਾਂ ਦੇ ਬਣਦੇ 48,000 ਜਾਰੀ ਕਰੇ ਅਤੇ ਆਪਣੇ ਚੋਣ ਵਾਅਦੇ ਪੂਰੇ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਮਹਾਮਾਰੀ ਲਗਾਤਾਰ ਵਧ ਰਹੀ ਹੈ, ਪਰ ਸਰਕਾਰ ਇਸ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਅਰਥਵਿਵਸਥਾ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਇਆ ਹੈ ਅਤੇ ਕਰਜ਼ੇ ਦੀ ਮਾਰ ਹੇਠ ਪੰਜਾਬ ਹੋਰ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਹਟਾਉਣ ਲਈ ਸਿਰਫ਼ ਪ੍ਰਚਾਰ ਦੀ ਰਾਜਨੀਤੀ ਕਰ ਰਹੀ ਹੈ। ਨਾਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਆਮ ਆਦਮੀ ਪਾਰਟੀ ਦੀ ਨਾਕਾਮ ਸਰਕਾਰ ਨੂੰ ਲੋਕਾਂ ਦੇ ਸਾਹਮਣੇ ਬੇਨਕਾਬ ਕਰਦੀ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਨਾ ਕੀਤੇ ਤਾਂ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।