ਸਰਕਾਰ ਨੇ ਕੋਈ ਵੀ ਵਾਅਦਾ ਨਹੀਂ ਕੀਤਾ ਪੂਰਾ : ਨਾਗਰਾ
ਪਿੰਡ ਅਤਾਪੁਰ ਵਿਖੇ ਕਾਂਗਰਸੀ ਆਗੂਆਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਹਿਮ ਮੀਟਿੰਗ
Publish Date: Sun, 22 Mar 2026 06:10 PM (IST)
Updated Date: Sun, 22 Mar 2026 06:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਅਤਾਪੁਰ ਵਿਚ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਦਾ ਇਕ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਇਕੱਠ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਕਾਰਨ ਪਿੰਡਾਂ ’ਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਨਾਗਰਾ ਨੇ ਮੁੱਖ ਮੰਤਰੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਅਤੇ ਬਿਆਨਾਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਪੱਧਰ ’ਤੇ ਵਿਕਾਸ ਦੇ ਨਾਂ ’ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਤਨਜ਼ ਕਰਦੇ ਹੋਏ ਕਿਹਾ ਕਿ ‘ਚੁਟਕਲੇ ਸੁਣਾ ਕੇ ਪੰਜਾਬ ਦਾ ਵਿਕਾਸ ਨਹੀਂ ਦਿਖਾਇਆ ਜਾ ਸਕਦਾ।’ ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੋਹਾਂ ’ਚ ਬੁਨਿਆਦੀ ਸੁਵਿਧਾਵਾਂ ਦੀ ਘਾਟ ਹੈ। ਸੜਕਾਂ ਦੀ ਮੰਦ ਹਾਲਤ, ਸਿਹਤ ਸੇਵਾਵਾਂ ਦੀ ਕਮੀ ਅਤੇ ਸਿੱਖਿਆ ਪ੍ਰਣਾਲੀ ਦੀਆਂ ਸਮੱਸਿਆਵਾਂ ਅਜੇ ਵੀ ਜਿਉਂ ਦੀ ਤਿਉਂ ਹਨ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ। ਅਖੀਰ ’ਚ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸ ‘ਝੂਠੀ ਪਾਰਟੀ’ ਨੂੰ ਮੂੰਹਤੋੜ ਜਵਾਬ ਦੇਣ ਲਈ ਤਿਆਰ ਹਨ। ਇਸ ਮੌਕੇ ਬਲਜਿੰਦਰ ਸਿੰਘ ਅਤਾਪੁਰ ਅਤੇ ਸੀਨੀਅਰ ਆਗੂ ਗੁਰਭੇਜ ਸਿੰਘ ਰਾਏ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਵਿੱਚ ਕੁਲਜੀਤ ਸਿੰਘ ਨਾਗਰਾ ਵੱਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ ਇਸੇ ਕਰਕੇ ਲੋਕ ਕਾਂਗਰਸ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਜ਼ਿਲ੍ਹਾ ਪ੍ਰੈੱਸ ਇੰਚਾਰਜ ਪਰਮਵੀਰ ਸਿੰਘ ਟਿਵਾਣਾ, ਧਰਮਿੰਦਰ ਸਿੰਘ ਗੋਰਖਾ, ਭੁਪਿੰਦਰ ਸਿੰਘ ਰਾਏ, ਮਨਦੀਪ ਸਿੰਘ ਅਤਾਪੁਰ, ਰਾਜਵੀਰ ਸਿੰਘ ਰਾਜਾ, ਹਰਕੇਵਲ ਸਿੰਘ ਨੰਬਰਦਾਰ, ਨਿਰਮਲ ਸਿੰਘ ਨੰਬਰਦਾਰ, ਧਰਮਪਾਲ ਸਿੰਘ, ਦਰਸ਼ਨ ਸਿੰਘ, ਪਰਮਵੀਰ ਸਿੰਘ ਪੰਚ, ਸਤਨਾਮ ਸਿੰਘ ਪੰਚ, ਡਾ. ਹਰਜਿੰਦਰ ਸਿੰਘ, ਕਰਮ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ।