ਹੜ੍ਹਾਂ ਦੇ ਬਚਾਅ ਸਬੰਧੀ ਕਾਰਜ ਮੁਕੰਮਲ ਕਰਨ ਦੀਆਂ ਹਦਾਇਤਾਂ
ਹੜ੍ਹਾਂ ਦੇ ਬਚਾਅ ਸਬੰਧੀ ਕਾਰਜ ਵੇਲੇ ਸਿਰ ਮੁਕੰਮਲ ਕਰਨ ਦੀਆਂ ਹਿਦਾਇਤਾਂ
Publish Date: Thu, 14 May 2026 06:06 PM (IST)
Updated Date: Fri, 15 May 2026 04:07 AM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਸਾਰੇ ਪ੍ਰਬੰਧ ਵੇਲੇ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕਾਰਜਾਂ ’ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਐਸਡੀਐਮਜ਼ ਨੂੰ ਆਪਣੇ ਖੇਤਰਾਂ ’ਚ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰੀ ਇਲਾਕਿਆਂ ਦੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ’ਚੋਂ ਲੰਘਦੇ ਚੋਅ, ਨਾਲੇ ਅਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ’ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸੰਭਾਵੀ ਹੜ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦੇ ਟੈਲੀਫ਼ੋਨ ਨੰਬਰ 01763-232838 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਰਾਹਤ ਸੈਂਟਰਾਂ ਦੀ ਸ਼ਨਾਖ਼ਤ ਕਰਨ ਅਤੇ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸਡੀਐਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸਡੀਐਮ ਬੱਸੀ ਪਠਾਣਾਂ ਦੀਪਜੋਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।