ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਜ਼ਰੂਰੀ : ਡਾ. ਅਰਵਿੰਦ ਪਾਲ ਸਿੰਘ
ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਜ਼ਰੂਰੀ : ਡਾ. ਅਰਵਿੰਦ ਪਾਲ ਸਿੰਘ
Publish Date: Wed, 20 May 2026 05:42 PM (IST)
Updated Date: Wed, 20 May 2026 05:43 PM (IST)

ਫ਼ੋਟੋ ਫ਼ਾਈਲ : 10 ਮਮਤਾ ਦਿਵਸ ਦੀ ਸੁਪਰਵੀਜ਼ਨ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ । ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਗਰਭਵਤੀ ਮਾਵਾਂ ਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਹ ਟੀਕਾਕਰਨ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਤੇ ਮਮਤਾ ਦਿਵਸ ਮੌਕੇ ਪਿੰਡਾਂ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਆਮ ਲੋਕਾਂ ਤੱਕ ਜੱਚਾ-ਬੱਚਾ ਸਿਹਤ ਸੇਵਾਵਾਂ ਵਧੀਆ ਢੰਗ ਨਾਲ ਪਹੁੰਚਾਉਣ ਲਈ ਜ਼ਿਲ੍ਹੇ ਅਤੇ ਬਲਾਕ ਪੱਧਰ ਤੋਂ ਇਨ੍ਹਾਂ ਦੀ ਸੁਪਰਵੀਜ਼ਨ ਵੀ ਕੀਤੀ ਜਾਂਦੀ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਅਤੇ ਮਮਤਾ ਦਿਵਸ ’ਤੇ ਦਿੱਤੀ ਜਾਣ ਵਾਲੀ ਵੈਕਸੀਨ ਦੀ ਕੋਲਡ ਚੇਨ ਤੇ ਰੱਖ-ਰਖਾਅ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਮਰ ਅਨੁਸਾਰ ਸਮੇਂ ਸਿਰ ਲਈ ਗਈ ਵੈਕਸੀਨ ਜੱਚਾ-ਬੱਚਾ ਦੀ ਸਾਰੀ ਉਮਰ ਕਈ ਬਿਮਾਰੀਆਂ ਤੋਂ ਰੱਖਿਆ ਕਰਦੀ ਹੈ। ਇਸੇ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਚੱਲ ਰਹੇ ਮਮਤਾ ਦਿਵਸ ਦੀ ਸੁਪਰਵੀਜ਼ਨ ਕਰਦਿਆਂ ਟੀਕਾਕਰਨ ਰਜਿਸਟਰ, ਕੋਲਡ ਚੇਨ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਅਤੇ ਐਮਸੀਪੀ ਕਾਰਡਾਂ ਦੀ ਜਾਂਚ ਕੀਤੀ ਗਈ। ਟੀਮ ਨੇ ਮਾਵਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪਹਿਲੇ 6 ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਇਹ ਬੱਚੇ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸ਼ੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਏਐਨਐਮ ਅਮਨਦੀਪ ਕੌਰ, ਆਸ਼ਾ ਵਰਕਰ ਹਰਦੀਪ ਕੌਰ ਅਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।