ਪਿੰਡ ਜੱਸੋਵਾਲ ’ਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ
ਪਿੰਡ ਜੱਸੋਵਾਲ ਵਿੱਚ ਸਿਹਤ ਮੰਤਰੀ ਨੇ ਕੀਤਾ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ
Publish Date: Tue, 05 May 2026 04:37 PM (IST)
Updated Date: Tue, 05 May 2026 04:38 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦਿਹਾਤੀ ਦੇ ਪਿੰਡ ਜੱਸੋਵਾਲ ਵਿਚ ਇਕ ਮਹੱਤਵਪੂਰਨ ਵਿਕਾਸੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਸਿਹਤ ਮੰਤਰੀ ਨੇ ਦਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ਵੱਡੀ ਪਹਿਲ ਦਾ ਹਿੱਸਾ ਹੈ, ਜਿਸ ਤਹਿਤ ਸੂਬੇ ਭਰ ਵਿਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਪਹਿਲੇ ਚਰਣ ਅਧੀਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਮੈਦਾਨਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ਵਿਚ ਖੇਡਾਂ ਦਾ ਮਾਹੌਲ ਤਿਆਰ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦਾ ਧੰਨਵਾਦ ਕੀਤਾ। ਡਾ. ਬਲਬੀਰ ਸਿੰਘ ਨੇ ਦਸਿਆ ਕਿ ਇਹ ਮੈਦਾਨ ਹਰ ਵਰਗ ਦੇ ਲੋਕਾਂ ਲਈ ਸੁਵਿਧਾਜਨਕ ਬਣਾਇਆ ਗਿਆ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਸਿਹਤ ਮੰਤਰੀ ਨੇ ਖਿਡਾਰੀਆਂ ਲਈ ਸਪੋਰਟਸ ਕਿਟਾਂ ਮੁਹੱਈਆ ਕਰਵਾਈਆਂ ਅਤੇ ਪ੍ਰੋਫੈਸ਼ਨਲ ਟ੍ਰੇਨਿੰਗ ਲਈ ਮਾਹਿਰ ਟ੍ਰੇਨਰ ਵੀ ਨਿਯੁਕਤ ਕੀਤੇ। ਇਸ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਹੁਨਰ ਦਿਖਾਉਣ ਦਾ ਮੌਕਾ ਮਿਲੇਗਾ।