ਪੰਜਾਬ 'ਚ ਜੰਗਲ ਰਾਜ ਵਰਗੇ ਹਾਲਾਤ' : ਰਵਨੀਤ ਬਿੱਟੂ
ਪੰਜਾਬ 'ਚ ਜੰਗਲ ਰਾਜ ਵਰਗੇ ਹਾਲਾਤ' : ਰਵਨੀਤ ਬਿੱਟੂ
Publish Date: Thu, 21 May 2026 04:23 PM (IST)
Updated Date: Fri, 22 May 2026 04:02 AM (IST)

ਮਾਨ ਸਰਕਾਰ ਦੌਰਾਨ ਪੰਜਾਬ ਦੀ ਹਰ ਫਰੰਟ ’ਤੇ ਹੋਈ ਬਰਬਾਦੀ ਨੂੰ ਸੁਧਾਰੇਗੀ ਭਾਜਪਾ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਨੂੰ ਹੱਲਾਸ਼ੇਰੀ ਦੇਣ ਲਈ ਵਿਸ਼ੇਸ਼ ਤੌਰ ’ਤੇ ਭਵਾਨੀਗੜ੍ਹ ਪਹੁੰਚੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਹੱਦ ਵਿਚ ਰਹਿਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਭੁਗਤਣੀਆਂ ਪੈਣਗੀਆਂ। ਉਂਝ ਉਨ੍ਹਾਂ ਨੇ ਲੋਕਲ ਅਧਿਕਾਰੀਆਂ ਵੱਲੋਂ ਕਿਸੇ ਵੀ ਵਿਰੋਧੀ ਧਿਰ ਦੇ ਉਮੀਦਵਾਰ ਦੇ ਕਾਗਜ਼ ਰੱਦ ਨਾ ਕਰਨ ਦੀ ਪ੍ਰਸੰਸਾ ਵੀ ਕੀਤੀ। ਇਸ ਮੌਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ੇ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦੇ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਹਨ, ਪਰ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਫੋਕੀ ਇਸ਼ਤਿਹਾਰਬਾਜ਼ੀ ਅਤੇ ਰਾਜਨੀਤਿਕ ਡਰਾਮੇਬਾਜ਼ੀ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਲੋਕਾਂ ਨੂੰ ਸੁਰੱਖਿਆ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨਾ ਦੇ ਸਕੇ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ । ਉਨ੍ਹਾਂ ਕਿਹਾ ਕਿ ਇਹ ਚੋਣਾਂ ਲੋਕਾਂ ਲਈ ਆਪ ਸਰਕਾਰ ਨੂੰ ਆਇਨਾ ਦਿਖਾਉਣ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ “ਸ਼ਹਿਰਾਂ ਵਿੱਚ ਗੰਦਗੀ ਦੇ ਢੇਰ, ਟੁੱਟੀਆਂ ਸੜਕਾਂ ਅਤੇ ਠੱਪ ਵਿਕਾਸ ਕਾਰਜ ਇਸ ਸਰਕਾਰ ਦੀ ਨਾਕਾਮੀ ਦੀ ਗਵਾਹੀ ਦੇ ਰਹੇ ਹਨ। ਲੋਕ ਹੁਣ ਜਵਾਬ ਮੰਗ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੋਟ ਦੀ ਤਾਕਤ ਨਾਲ ਇਸ ਨਿਕੰਮੀ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।” ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਾਜਨੀਤਿਕ ਤਸਵੀਰ ਬਦਲਣੀ ਤੈਅ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੌਰਾਨ ਪੰਜਾਬ ਦੀ ਹਰ ਫਰੰਟ ਤੇ ਹੋਈ ਬਰਬਾਦੀ ਨੂੰ ਭਾਜਪਾ ਦੀ ਡਬਲ ਇੰਜਣ ਸਰਕਾਰ ਹੀ ਸੁਧਾਰ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਭਾਜਪਾ ਦੇ ਸ਼ਹਿਰੀ ਪ੍ਰਧਾਨ ਲਛਮਣ ਦਾਸ ਸਚਦੇਵਾ, ਸੀਨੀਅਰ ਆਗੂ ਜੀਵਨ ਗਰਗ, ਐਫਸੀਆਈ ਪੰਜਾਬ ਦੇ ਡਾਇਰੈਕਟਰ ਗੁਰਤੇਜ ਸਿੰਘ ਝਨੇੜੀ, ਰਾਮ ਸਿੰਘ ਮੱਟਰਾਂ, ਪ੍ਰਸ਼ੋਤਮ ਦਾਸ ਕੁੱਕੂ, ਰਜਿੰਦਰ ਸਿੰਗਲਾ ਕਾਕਾ, ਪਰਵਿੰਦਰ ਵਰਮਾਹਾਜ਼ਰ ਸਨ।