ਖ਼ਾਲਸਾ ਕਾਲਜ ਦੇ 6 ਵਿਦਿਆਰਥੀਆਂ ਨੂੰ ’ਮਹਾਰਾਜਾ ਰਣਜੀਤ ਸਿੰਘ ਐਵਾਰਡ’ ਪ੍ਰਦਾਨ
ਖ਼ਾਲਸਾ ਕਾਲਜ ਪਟਿਆਲਾ ਦੇ 6 ਵਿਦਿਆਰਥੀਆਂ ਨੂੰ ’ਮਹਾਰਾਜਾ ਰਣਜੀਤ ਸਿੰਘ ਅਵਾਰਡ’ ਪ੍ਰਦਾਨ
Publish Date: Wed, 27 May 2026 04:46 PM (IST)
Updated Date: Wed, 27 May 2026 04:46 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਉੱਘੇ ਵਿੱਦਿਅਕ ਅਦਾਰੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਨੇ ਇਕ ਹੋਰ ਵੱਡੀ ਇਤਿਹਾਸਕ ਪ੍ਰਾਪਤੀ ਕਰ ਲਈ ਹੈ। ਕਾਲਜ ਦੇ 6 ਹੋਣਹਾਰ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਪੰਜਾਬ ਸਰਕਾਰ ਵੱਲੋਂ ਸਰਵਉੱਚ ਖੇਡ ਪੁਰਸਕਾਰ ’ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਨਿਵਾਜਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤੇ ਗਏ ਇਨ੍ਹਾਂ ਖਿਡਾਰੀਆਂ ’ਚ ਹੈਂਡਬਾਲ ਖੇਡ ’ਚੋਂ ਮਨਪ੍ਰੀਤ ਸਿੰਘ, ਮਨਦੀਪ ਕੌਰ, ਕਰਮਜੀਤ ਸਿੰਘ ਤੇ ਬਨੀਤਾ ਸ਼ਰਮਾ ਤੇ ਤੀਰਅੰਦਾਜ਼ੀ ਖੇਡ ’ਚੋਂ ਸੰਗਮਪ੍ਰੀਤ ਸਿੰਘ ਬੀਸਲਾ ਤੇ ਪ੍ਰਭਜੋਤ ਕੌਰ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹੀ ਖ਼ਾਲਸਾ ਕਾਲਜ ਪਟਿਆਲਾ ਦੀ ਸਟਾਰ ਤੀਰਅੰਦਾਜ਼ ਵਿਦਿਆਰਥਣ ਪਰਨੀਤ ਕੌਰ, ਜੋ ਕਿ ਵਰਲਡ ਕੱਪ ਅਤੇ ਏਸ਼ੀਅਨ ਗੇਮਜ਼ ਵਿਚ ਮੈਡਲਿਸਟ ਰਹੀ ਹੈ, ਨੂੰ ਵੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਸ਼ਾਨਦਾਰ ਸਫਲਤਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਰਸਕਾਰ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸੰਸਥਾ ਦੀ ਉੱਚੀ ਸੋਚ ਦਾ ਪ੍ਰਤੀਕ ਹੈ। ਸ਼੍ਰੋਮਣੀ ਕਮੇਟੀ ਆਪਣੇ ਵਿੱਦਿਅਕ ਅਦਾਰਿਆਂ ਵਿਚ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ’ਚ ਵੀ ਮੋਹਰੀ ਬਣਾਉਣ ਲਈ ਹਮੇਸ਼ਾ ਤਤਪਰ ਹੈ। ਖ਼ਾਲਸਾ ਕਾਲਜ ਪਟਿਆਲਾ ਨੇ ਦੇਸ਼ ਨੂੰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਿੱਤੇ ਹਨ, ਜਿਨ੍ਹਾਂ ’ਤੇ ਪੂਰੀ ਸਿੱਖ ਕੌਮ ਅਤੇ ਪੰਜਾਬ ਨੂੰ ਮਾਣ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਐੱਸਜੀਪੀਸੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਡਿਪਟੀ ਡਾਇਰੈਕਟਰ ਡਾ. ਕਸ਼ਮੀਰ ਸਿੰਘ ਤੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਵੀ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ ਗਈ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਖਿਡਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਸ਼ਵ-ਪੱਧਰੀ ਸਹੂਲਤਾਂ ਅਤੇ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਿਸ਼ੇਸ਼ ਮੌਕੇ ’ਤੇ ਖਾਲਸਾ ਕਾਲਜ ਪਟਿਆਲਾ ਦੇ ਡੀਨ ਸਪੋਰਟਸ ਅਤੇ ਮੁਖੀ ਫਿਜ਼ੀਕਲ ਐਜੂਕੇਸ਼ਨ ਵਿਭਾਗ ਡਾ. ਗੁਰਸ਼ਰਨ ਸਿੰਘ ਗਿੱਲ ਨੇ ਜਿੱਥੇ ਐਵਾਰਡ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ, ਉੱਥੇ ਹੀ ਉਨ੍ਹਾਂ ਨੇ ਸੰਗਮਪ੍ਰੀਤ ਸਿੰਘ ਬੀਸਲਾ ਤੇ ਪ੍ਰਭਜੋਤ ਕੌਰ ਦੇ ਕੋਚ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਤੇਜਾ ਡਿਪਟੀ ਡਾਇਰੈਕਟਰ ਪੀ.ਆਈ.ਐਸ. ਪੰਜਾਬ ਨੂੰ ਵੀ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਡਾ. ਗਿੱਲ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖੇਡ ਦੇ ਖੇਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਐਵਾਰਡ ਹਾਸਲ ਕਰਨ ਵਾਲੇ ਇਨ੍ਹਾਂ ਹੈਂਡਵਾਲ ਦੇ ਖਿਡਾਰੀਆਂ ਦੀ ਰੈਗੂਲਰ ਪ੍ਰੈਕਟਿਸ ਵੀ ਖ਼ਾਲਸਾ ਕਾਲਜ ਕੈਂਪਸ ਵਿਖੇ ਹੀ ਕਰਵਾਈ ਜਾਂਦੀ ਰਹੀ ਹੈ, ਜੋ ਕਿ ਕਾਲਜ ਦੇ ਖੇਡ ਢਾਂਚੇ ਲਈ ਇੱਕ ਬਹੁਤ ਵੱਡਾ ਮਾਣ ਹੈ।