ਸੰਤੁਲਿਤ ਖਾਦ ਪ੍ਰਬੰਧ ਅਪਣਾਓ, ਪੈਦਾਵਾਰ ਵਧਾਓ ਤੇ ਖਰਚਾ ਘਟਾਓ
ਸੰਤੁਲਿਤ ਖਾਦ ਪ੍ਰਬੰਧ ਅਪਣਾਓ, ਪੈਦਾਵਾਰ ਵਧਾਓ ਤੇ ਖਰਚਾ ਘਟਾਓ: ਕ੍ਰਿਸ਼ੀ ਵਿਗਿਆਨ ਕੇਂਦਰ
Publish Date: Thu, 07 May 2026 06:32 PM (IST)
Updated Date: Fri, 08 May 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਤੇ ਭਾਰਤ ਮੱਕੀ ਖੋਜ ਸੰਸਥਾਨ, ਲੁਧਿਆਣਾ ਵੱਲੋਂ ਸਾਂਝੇ ਤੌਰ ’ਤੇ ਪਿੰਡ ਬਿਰੜਵਾਲ, ਬਲਾਕ ਨਾਭਾ ਵਿਖੇ “ਸੰਤੁਲਿਤ ਖਾਦ ਪ੍ਰਬੰਧ ਮੁਹਿੰਮ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ 30 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ ਦੇ ਸੀਨੀਅਰ ਵਿਗਿਆਨੀ ਡਾ. ਮਨੀਸ਼ ਦਾਗਲਾ ਨੇ ਕਿਸਾਨਾਂ ਨੂੰ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਲਾਭਾਂ ਬਾਰੇ ਜਾਣੂ ਕਰਵਾਉਂਦਿਆਂ ਮਿੱਟੀ ਜਾਂਚ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਜਿੱਥੇ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ, ਉੱਥੇ ਖੇਤੀ ਦੀ ਲਾਗਤ ਵੀ ਘਟਦੀ ਹੈ। ਉਨ੍ਹਾਂ ਨਾਲ ਮੱਕੀ ਖੋਜ ਸੰਸਥਾਨ ਦੇ ਵਿਗਿਆਨੀ ਡਾ. ਪ੍ਰਭਾ ਸਿੰਘ ਨੇ ਭੂਮੀ ਦੀ ਉਪਜਾਊ ਸ਼ਕਤੀ ਕਾਇਮ ਰੱਖਣ ਲਈ ਜੈਵਿਕ ਅਤੇ ਰਸਾਇਣਕ ਖਾਦਾਂ ਨੂੰ ਮਿਲਾ ਕੇ ਵਰਤਣ ਦੀ ਅਪੀਲ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਕਿਸਾਨਾਂ ਨੂੰ ਬਿਜਾਈ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ, ਕੇ ਵੀ ਕੇ, ਪਟਿਆਲਾ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕਰਨ, ਝੋਨੇ ਦੀ ਨਰਸਰੀ ਦੀ ਅਗੇਤੀ ਬਿਜਾਈ ਤੋਂ ਬਚਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਤਕਨੀਕਾਂ ਅਪਣਾਉਣ ਦਾ ਸੰਦੇਸ਼ ਦਿੱਤਾ। ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ, ਫ਼ਸਲ ਵਿਗਿਆਨ ਕੇ ਵੀ ਕੇ, ਪਟਿਆਲਾ ਨੇ ਕਿਸਾਨਾਂ ਨੂੰ ਖੇਤੀ ਲਾਗਤਾਂ ਘੱਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਦੀ ਚੰਗੀ ਸਿਹਤ ਲਈ ਖੇਤ ਵਿੱਚ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।