'ਕਾਨੂੰਨ ਬਣਿਆ, ਸੰਘਰਸ਼ ਰੰਗ ਲਿਆਇਆ', ਸਮਾਣਾ 'ਚ ਲੱਗਿਆ ਧਰਨਾ ਚੁੱਕਣ ਦੇ ਬਣੇ ਅਸਾਰ; ਸਿੰਘਾਂ ਨੇ ਪੂਰੀ ਕਰਵਾਈ ਆਪਣੀ ਮੰਗ
ਪੰਜਾਬ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਸਮਾਣਾ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਪ੍ਰਦਰਸ਼ਨ ਖ਼ਤਮ ਹੋਣ ਦੇ ਆਸਾਰ ਬਣ ਗਏ ਹਨ। ਬਿੱਲ ਦੇ ਕਾਨੂੰਨ ਬਣਨ ਦੀ ਖ਼ਬਰ ਆਉਣ ਸਾਰ ਹੀ ਪ੍ਰਦਰਸ਼ਨਕਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
Publish Date: Sun, 19 Apr 2026 11:02 AM (IST)
Updated Date: Sun, 19 Apr 2026 11:05 AM (IST)

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਸਮਾਣਾ/ਪਟਿਆਲਾ: ਪੰਜਾਬ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਸਮਾਣਾ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਪ੍ਰਦਰਸ਼ਨ ਖ਼ਤਮ ਹੋਣ ਦੇ ਆਸਾਰ ਬਣ ਗਏ ਹਨ। ਬਿੱਲ ਦੇ ਕਾਨੂੰਨ ਬਣਨ ਦੀ ਖ਼ਬਰ ਆਉਣ ਸਾਰ ਹੀ ਪ੍ਰਦਰਸ਼ਨਕਾਰੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਕੀ ਸੀ ਪ੍ਰਦਰਸ਼ਨਕਾਰੀਆਂ ਦੀ ਸ਼ਰਤ?
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਬਿੱਲ ਪਾਸ ਹੋਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਖ਼ੁਦ ਧਰਨੇ ਵਾਲੀ ਥਾਂ 'ਤੇ ਪਹੁੰਚੇ ਸਨ। ਉਸ ਵੇਲੇ ਪ੍ਰਦਰਸ਼ਨਕਾਰੀਆਂ ਅਤੇ ਟਾਵਰ 'ਤੇ ਬੈਠੇ ਸਿੰਘਾਂ ਨੇ ਸਪੱਸ਼ਟ ਐਲਾਨ ਕੀਤਾ ਸੀ ਕਿ ਜਦੋਂ ਤੱਕ ਰਾਜਪਾਲ ਇਸ ਬਿੱਲ 'ਤੇ ਦਸਤਖ਼ਤ ਕਰਕੇ ਇਸ ਨੂੰ ਅੰਤਿਮ ਮਨਜ਼ੂਰੀ ਨਹੀਂ ਦਿੰਦੇ, ਉਦੋਂ ਤੱਕ ਉਹ ਧਰਨਾ ਨਹੀਂ ਚੁੱਕਣਗੇ ਅਤੇ ਨਾ ਹੀ ਟਾਵਰ ਤੋਂ ਹੇਠਾਂ ਉਤਰਨਗੇ।
ਰਾਜਪਾਲ ਦੀ ਮਨਜ਼ੂਰੀ ਨੇ ਖੋਲ੍ਹਿਆ ਰਾਹ
ਹੁਣ ਜਦੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ 'ਤੇ ਮੋਹਰ ਲਾ ਦਿੱਤੀ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲਾ ਕਾਨੂੰਨ ਰਸਮੀ ਤੌਰ 'ਤੇ ਲਾਗੂ ਹੋ ਗਿਆ ਹੈ, ਤਾਂ ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਪੂਰੀ ਹੋ ਗਈ ਹੈ। ਸੂਤਰਾਂ ਮੁਤਾਬਕ, ਮੋਰਚੇ ਦੀ ਅਗਵਾਈ ਕਰ ਰਹੇ ਆਗੂਆਂ ਵੱਲੋਂ ਜਲਦ ਹੀ ਅਧਿਕਾਰਤ ਤੌਰ 'ਤੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ।
ਟਾਵਰ ਤੋਂ ਉਤਰਨਗੇ ਸਿੰਘ
ਸਮਾਣਾ ਵਿੱਚ ਲਗਾਤਾਰ ਟਾਵਰ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ ਵੱਲੋਂ ਵੀ ਆਪਣਾ ਪ੍ਰਦਰਸ਼ਨ ਵਾਪਸ ਲੈਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਇਸ ਇਤਿਹਾਸਕ ਕਦਮ ਤੋਂ ਬਾਅਦ ਸੰਗਤ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ।