ਸਿਹਤ ਮੰਤਰੀ ਨੇ 393 ਪਰਿਵਾਰਾਂ ਨੂੰ ਦਿੱਤੇ ਮਾਲਕਾਨਾ ਹੱਕ
ਸਿਹਤ ਮੰਤਰੀ ਨੇ 393 ਪਰਿਵਾਰਾਂ ਨੂੰ ਦਿੱਤੇ ਮਾਲਕਾਨਾ ਹੱਕ
Publish Date: Tue, 12 May 2026 05:41 PM (IST)
Updated Date: Tue, 12 May 2026 05:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੇ ਪਿੰਡ ਰੋੜਗੜ੍ਹ ਵਿਖੇ ਅੱਜ ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ 393 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ ਤੇ ਲਾਭਪਾਤਰੀਆਂ ਨੂੰ ਮਲਕੀਅਤ ਦੇ ਦਸਤਾਵੇਜ਼ ਵੰਡੇ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪੰਜਾਬ ਸਰਕਾਰ ਦੀ ਇਕ ਇਤਿਹਾਸਕ ਤੇ ਲੋਕ-ਕੇਂਦਰਿਤ ਪਹਿਲ ਹੈ ਜਿਸ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨਾ ਹੈ ਜੋ ਕਈ ਪੀੜੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ ਪਰ ਕਾਨੂੰਨੀ ਦਸਤਾਵੇਜ਼ਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਹਨਾਂ ਦੇ ਹੱਕ ਦੇਣ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਅਮਲ ਵਿਚ ਲਿਆਂਦੀ ਗਈ ਹੈ। ਘਰਾਂ ਦਾ ਵਿਸਥਾਰਪੂਰਵਕ ਸਰਵੇ, ਰਿਕਾਰਡ ਦੀ ਜਾਂਚ ਅਤੇ ਵੇਰੀਫਿਕੇਸ਼ਨ ਤੋਂ ਬਾਅਦ ਹੀ ਯੋਗ ਪਰਿਵਾਰਾਂ ਨੂੰ ਮਲਕੀਅਤ ਦੇ ਅਧਿਕਾਰ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ ਵਾਅਦੇ ਨਹੀਂ ਕਰਦੀ, ਸਗੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਵੀ ਕਰ ਰਹੀ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।