CM ਦੀ ਸੁਰੱਖਿਆ 'ਤੇ ਸਵਾਲ : ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਗੁਰਦੁਆਰਾ ਕੰਪਲੈਕਸ 'ਚ ਪਿਸਤੌਲ ਸਣੇ ਘੁੰਮਦਾ ਵਿਅਕਤੀ ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਆਮਦ ਤੋਂ ਪਹਿਲਾਂ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ੁਕਰਾਨਾ ਯਾਤਰਾ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸਾਹਿਬ ਨਤਮਸਤਕ ਹੋਏ।
Publish Date: Sat, 09 May 2026 09:09 PM (IST)
Updated Date: Sat, 09 May 2026 09:13 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਆਮਦ ਤੋਂ ਪਹਿਲਾਂ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ੁਕਰਾਨਾ ਯਾਤਰਾ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦੁਆਰਾ ਸਾਹਿਬ ਨਤਮਸਤਕ ਹੋਏ।
ਭਗਵੰਤ ਮਾਨ ਦੀ ਆਮਦ ਤੋ ਪਹਿਲਾਂ ਪੁਲਿਸ ਨੇ ਗੁਰਦੁਆਰਾ ਸਾਹਿਬ ਕੰਪਲੈਕਸ ’ਚ ਇਕ ਵਿਅਕਤੀ ਨੂੰ 32 ਬੋਰ ਦੀ ਪਿਸਤੌਲ ਸਣੇ ਕਾਬੂ ਕੀਤਾ ਜਿਸ ਦੀ ਪਛਾਣ ਜਸਕਰਨ ਸਿੰਘ ਵਾਸੀ ਹੋਸਿ਼ਆਰਪੁਰ ਵਜੋਂ ਹੋਈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਕੋਲ ਲਾਇਸੈਂਸੀ ਪਿਸਤੌਲ ਸੀ। ਉਹ ਆਪਣੀ ਫਸਲ ਕੱਟਣ ਤੋਂ ਬਾਅਦ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ। ਜਸਕਰਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਮੁੱਖ ਮੰਤਰੀ ਦੀ ਗੁਰਦੁਆਰਾ ਸਾਹਿਬ ਵਿਖੇ ਆਮਦ ਬਾਰੇ ਪਹਿਲਾਂ ਨਹੀਂ ਪਤਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਇਲਾਕੇ ’ਚ ਭਾਰੀ ਪੁਲਿਸ ਬਲ ਤਾਇਨਾਤ ਸੀ । ਗੁਰਦੁਆਰਾ ਕੰਪਲੈਕਸ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਦੇ ਬਾਵਜੂਦ ਇਕ ਵਿਅਕਤੀ ਵੱਲੋਂ ਪਿਸਤੌਲ ਸਮੇਤ ਪਹੁੰਚਣਾ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।