ਸਰਹਿੰਦ ’ਚ ਆਮ ਆਦਮੀ ਪਾਰਟੀ ਦੇ ਕਈ ਆਗੂ ਕਾਂਗਰਸ ’ਚ ਸ਼ਾਮਲ
ਸਰਹਿੰਦ ’ਚ ਆਮ ਆਦਮੀ ਪਾਰਟੀ ਦੇ ਕਈ ਆਗੂ ਕਾਂਗਰਸ ਵਿਚ ਸ਼ਾਮਲ
Publish Date: Thu, 21 May 2026 05:25 PM (IST)
Updated Date: Fri, 22 May 2026 04:08 AM (IST)

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ ਨਿੱਘਾ ਸਵਾਗਤ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਦੇ ਵਾਰਡ ਨੰਬਰ 23 ਵਿਖੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਮੱਖਣ ਸਹੋਤਾ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਮੱਖਣ ਸਹੋਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਿਰੋਪੇ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਕਿ ਕਾਂਗਰਸ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਹੋਰ ਪਾਰਟੀਆਂ ਦੇ ਆਗੂ ਵੀ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਕਾਂਗਰਸ ਵਿਚ ਸ਼ਾਮਲ ਹੋਣ ਉਪਰੰਤ ਮੱਖਣ ਸਹੋਤਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕਰਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਆਮ ਲੋਕਾਂ ਦੀ ਆਵਾਜ਼ ਬਣ ਕੇ ਉਭਰਨਾ ਸੀ, ਉਹ ਹੁਣ ਆਪਣੇ ਅਸਲ ਮਕਸਦ ਤੋਂ ਭਟਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ‘ਆਮ ਆਦਮੀ ਪਾਰਟੀ’ ਨਹੀਂ ਰਹੀ, ਸਗੋਂ ‘ਅਮੀਰ ਆਦਮੀ ਪਾਰਟੀ’ ਬਣ ਗਈ ਹੈ। ਪਾਰਟੀ ਵਿਚ ਮਿਹਨਤੀ ਅਤੇ ਜ਼ਮੀਨੀ ਵਰਕਰਾਂ ਦੀ ਕੋਈ ਕਦਰ ਨਹੀਂ ਰਹੀ ਅਤੇ ਸਿਰਫ਼ ਰਸੂਕਦਾਰ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਲੋਕਾਂ ਅਤੇ ਗ਼ਰੀਬ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਹ ਵਰਕਰ, ਜਿਨ੍ਹਾਂ ਨੇ ਪਾਰਟੀ ਨੂੰ ਖੜ੍ਹਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ, ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਹੀ ਵਫ਼ਾਦਾਰ ਵਰਕਰਾਂ ਨੂੰ ਨਜ਼ਰਅੰਦਾਜ਼ ਕਰਕੇ ਰਸੂਕਦਾਰ ਲੋਕਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਆਮ ਵਰਕਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਨਾਗਰਾ ਨੇ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਹਿੰਦ ਅਤੇ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਚ ਕਾਂਗਰਸ ਨੂੰ ਲਗਾਤਾਰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ। ਇਸ ਮੌਕੇ ਵਾਰਡ ਨੰਬਰ 23 ਤੋ ਕਾਂਗਰਸ ਦੀ ਉਮੀਦਵਾਰ ਰਮਨਦੀਪ ਕੌਰ, ਵਾਰਡ 20 ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕੈੜੇ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਪ੍ਰੀਤ ਸਿੰਘ ਗੋਲੂ, ਰਵਿੰਦਰ ਸਿੰਘ ਬਾਸੀ, ਦਵਿੰਦਰ ਸਿੰਘ, ਐਡ. ਅਨਿਲ ਗੁਪਤਾ, ਜਸਵੀਰ ਸਿੰਘ, ਰਣਦੀਪ ਸਿੰਘ ਸੋਢੀ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਕੁਲਦੀਪ ਸਿੰਘ, ਅਜਮੇਰ ਸਿੰਘ, ਪ੍ਰੀਤ ਜੋਤ ਸਿੰਘ, ਕੁਲਵਿੰਦਰ ਸਿੰਘ, ਗੁਰਲਾਲ ਸਿੰਘ ਲਾਲੀ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਕਾਂਗਰਸੀ ਵਰਕਰ ਸ਼ਾਮਲ ਸਨ।