ਮਾਤਾ ਗੁਜਰੀ ਕਾਲਜ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਰਾਸ਼ਟਰੀ ਮੀਡੀਆ ਫ਼ੈਸਟ ਦੀ ਓਵਰਆਲ ਟਰਾਫ਼ੀ 'ਤੇ ਕਬਜ਼ਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੁਆਰਾ ਨੈਸ਼ਨਲ ਮੀਡੀਆ ਫੈਸਟ 2025 ਵਿੱਚ ਆਪਣੀ ਬੇਮਿਸਾਲ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ। ਇਸ ਮੀਡੀਆ ਮੇਲੇ ਵਿਚ ਦੇਸ਼ ਭਰ ਤੋਂ ਨਾਮਵਰ ਵਿੱਦਿਅਕ ਸੰਸਥਾਵਾਂ ਨੇ ਵੱਖ-ਵੱਖ ਰਚਨਾਤਮਕ ਮੁਕਾਬਲਿਆਂ ਜਿਵੇਂ ਪ੍ਰਾਇਮ ਟਾਇਮ, ਲਘੂ ਫਿਲਮ, ਡਾਕੂਮੈਂਟਰੀ, ਲਾਈਵ ਰਿਪੋਰਟਿੰਗ, ਰੇਡੀਓ ਜੌਕੀ, ਐਡ-ਮੈਡ, ਫ਼ੋਟੋਗ੍ਰਾਫ਼ੀ ਅਤੇ ਰੀਲ ਮੇਕਿੰਗ ਆਦਿ ’ਚ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਪੱਤਰਕਾਰੀ ਵਿਭਾਗ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਮੀਡੀਆ ਮੇਲਿਆਂ ’ਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਜਿੱਥੇ ਆਪਣੇ ਅੰਦਰ ਛੁਪੀ ਕਲਾਤਮਕ ਤੇ ਰਚਨਾਤਮਕ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਉਥੇ ਨਾਲ ਹੀ ਆਪਸੀ ਸਹਿਯੋਗ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਲ 2006 ਵਿੱਚ ਵਿਭਾਗ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਹ ਪਹਿਲੀ ਵਾਰ ਹੈ ਕਿ ਪੱਤਰਕਾਰੀ ਵਿਭਾਗ ਨੇ ਰਾਸ਼ਟਰੀ ਪੱਧਰ ਦੇ ਮੀਡੀਆ ਫੈਸਟ ਵਿੱਚ ਓਵਰਆਲ ਟ੍ਰਾਫੀ ਆਪਣੇ ਨਾਮ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਨੇ ਜ਼ੋਨਲ, ਰਾਜ ਅਤੇ ਰਾਸ਼ਟਰੀ ਪੱਧਰ ਦੇ ਯੁਵਕ ਮੇਲਿਆਂ ਅਤੇ ਮੀਡੀਆ ਮੇਲਿਆਂ ਵਿੱਚ ਫ਼ੋਟੋਗ੍ਰਾਫ਼ੀ ਅਤੇ ਲਘੂ ਫਿਲਮ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।