ਘਨੌਰ ’ਚ ਮਈ ਦਿਵਸ ਧੂਮਧਾਮ ਨਾਲ ਮਨਾਇਆ
ਘਨੌਰ ਵਿੱਚ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਈ ਦਿਵਸ ਧੂਮਧਾਮ ਨਾਲ ਮਨਾਇਆ
Publish Date: Fri, 01 May 2026 05:04 PM (IST)
Updated Date: Fri, 01 May 2026 05:05 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਘਨੌਰ ਵਿਖੇ ਪਾਰਟੀ ਦਫ਼ਤਰ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਜੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜੋ ਕਾਮਰੇਡ ਧਰਮਪਾਲ ਸਿੰਘ ਸੀਲ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਿਕਾਗੋ ਦੇ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸਟੇਜ ਸੈਕਟਰੀ ਦੀ ਭੂਮਿਕਾ ਜੁਆਇੰਟ ਸਕੱਤਰ ਡਾ. ਵਿਜੇਪਾਲ ਘਨੌਰ ਨੇ ਨਿਭਾਈ। ਸਮਾਗਮ ਦੌਰਾਨ ਕਾਮਰੇਡ ਗੁਰਨਾਮ ਸਿੰਘ ਘਨੌਰ ਅਤੇ ਮਨਰੇਗਾ ਆਗੂ ਪ੍ਰੇਮ ਸਿੰਘ ਘਨੌਰ ਨੇ ਸੰਬੋਧਨ ਕਰਦੇ ਹੋਏ ਮਜ਼ਦੂਰ ਵਰਗ ਨੂੰ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਿਕਾਗੋ ਦੇ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਦੇ ਨਤੀਜੇ ਵਜੋਂ ਦੁਨੀਆ ਭਰ ਵਿਚ ਮਜ਼ਦੂਰਾਂ ਨੂੰ 8 ਘੰਟੇ ਕੰਮ ਦਾ ਅਧਿਕਾਰ ਮਿਲਿਆ ਅਤੇ ਮਜ਼ਦੂਰ ਅੰਦੋਲਨ ਨੂੰ ਨਵੀਂ ਦਿਸ਼ਾ ਮਿਲੀ। 1889 ਵਿਚ ਅੰਤਰਰਾਸ਼ਟਰੀ ਮਜ਼ਦੂਰ ਸੰਮੇਲਨ ਵਿਚ 1 ਮਈ ਨੂੰ ਹਰ ਸਾਲ ਮਜ਼ਦੂਰ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਅੱਜ ਇਹ ਦਿਨ ਦੁਨੀਆ ਦੇ ਕਈ ਦੇਸ਼ਾਂ ਵਿੱਚ ਮਜ਼ਦੂਰ ਏਕਤਾ, ਹੱਕਾਂ ਅਤੇ ਇਨਸਾਫ ਦੀ ਲੜਾਈ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ।