ਵਫ਼ਦ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ
ਆਜ਼ਾਦੀ ਘੁਲਾਟੀਆਂ ਦੀ ਸੂਬਾ ਜਥੇਬੰਦੀ ਦੇ ਵਫ਼ਦ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ
Publish Date: Sat, 04 Apr 2026 05:01 PM (IST)
Updated Date: Sat, 04 Apr 2026 05:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਵੱਖ-ਵੱਖ ਅੰਦੋਲਨਾਂ ਵਿਚ ਭਾਗ ਲੈ ਕਿ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਵਫ਼ਦ ਵੱਲੋਂ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸੂਬਾ ਕਮੇਟੀ ਵਲੋਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਉਸੇ ਤਹਿਤ ਜਥੇਬੰਦੀ ਦੇ ਸੂਬਾਈ ਆਗੂਆਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਦੌਰਾਨ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਕੇਂਦਰ ਸਰਕਾਰ ਦੇ ਧਿਆਨ ਹੇਠ ਲਿਆਉਣ ਦੀ ਅਪੀਲ ਕੀਤੀ। ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਨੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਣੂ ਕਰਵਾਇਆ ਕਿ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਯੋਧਿਆਂ ਨੇ ਦਿੱਤਿਆਂ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨ ਦੇ ਤੌਰ ਤੇ ਵਿਸ਼ੇਸ਼ ਸਹੂਲਤਾਂ ਦੇਣ ਲਈ ਕੇਂਦਰ ਸਰਕਾਰ ਨੂੰ ਵਿਚਾਰ ਕਰਨਾ ਚਾਹੀਦਾ ਹੈ। ਸੁਤੰਤਰਤਾ ਸੰਗਰਾਮੀ ਜਥੇਬੰਦੀ ਦੇ ਆਗੂਆਂ ਨੇ ਮਹਾਰਾਣੀ ਪ੍ਰਨੀਤ ਕੌਰ ਤੋਂ ਮੰਗ ਕੀਤੀ ਕਿ ਜਥੇਬੰਦੀ ਦੇ ਪੰਜ ਮੈਂਬਰੀ ਵਫ਼ਦ ਦੀ ਵਿਸ਼ੇਸ਼ ਮੀਟਿੰਗ ਦੇਸ਼ ਦੇ ਗ੍ਰਹਿ ਮੰਤਰੀ ਨਾਲ ਤਹਿ ਕਰਵਾਈ ਜਾਵੇ। ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ’ਚ ਜਥੇਬੰਦੀ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਕੇ ਸਨਮਾਨ ਸਹੂਲਤਾਂ ਸਬੰਧੀ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਪਰੰਤ ਉਸੇ ਤਜਵੀਜ਼ ਨੂੰ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਵਿਚਾਰਿਆ ਜਾਵੇਗਾ।