ਸਾਬਕਾ ਵਿਦਿਆਰਥੀਆਂ ਲਈ ਵਿਸ਼ੇਸ਼ ਮਿਲਣੀ ਸਮਾਗਮ ਕਰਾਇਆ
ਸਾਬਕਾ ਵਿਦਿਆਰਥੀਆਂ ਦੀ ਮਿਲਣੀ ’ਯਾਦਾਂ’ ਦਾ ਸਫ਼ਲ ਆਯੋਜਨ
Publish Date: Tue, 28 Apr 2026 05:06 PM (IST)
Updated Date: Tue, 28 Apr 2026 05:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਵੱਲੋਂ ਕਾਲਜ ਕੈਂਪਸ ਵਿਖੇ ਸਾਬਕਾ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ‘ਯਾਦਾਂ’ ਸਿਰਲੇਖ ਅਧੀਨ ਕਰਵਾਏ ਗਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਉਨ੍ਹਾਂ ਸਾਬਕਾ ਵਿਦਿਆਰਥੀਆਂ ਨੂੰ ਇੱਕ ਮੰਚ ’ਤੇ ਇਕੱਠੇ ਕਰਨਾ ਸੀ, ਜੋ ਮੌਜੂਦਾ ਸਮੇਂ ਵਿੱਚ ਇਸੇ ਕਾਲਜ ਦੇ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਸਟਾਫ ਮੈਂਬਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਭਾਵੁਕ ਅਤੇ ਯਾਦਗਾਰੀ ਮਿਲਣੀ ਦੌਰਾਨ ਸਮੂਹ ਹਾਜ਼ਰੀਨ ਨੇ ਕਾਲਜ ਵਿੱਚ ਪੜ੍ਹਾਈ ਦੌਰਾਨ ਬਿਤਾਏ ਆਪਣੇ ਸੁਨਹਿਰੀ ਪਲਾਂ ਨੂੰ ਮੁੜ ਸੁਰਜੀਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਦਾ ਅਣਮੋਲ ਸਰਮਾਇਆ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀ ਅੱਜ ਇਸੇ ਸੰਸਥਾ ਵਿੱਚ ਸੇਵਾਵਾਂ ਨਿਭਾ ਕੇ ਇਸ ਦੀ ਪ੍ਰਗਤੀ ਵਿੱਚ ਹਿੱਸਾ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਮਿਲਣੀਆਂ ਵਿੱਦਿਅਕ ਮਾਹੌਲ ਨੂੰ ਹੋਰ ਸੁਖਾਵਾਂ ਬਣਾਉਂਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਵਾਇਸ ਪ੍ਰਿੰਸੀਪਲ ਅਤੇ ਡੀਨ ਐਲੂਮਨੀ ਡਾ. ਗੁਰਮੀਤ ਸਿੰਘ ਨੇ ਐਸੋਸੀਏਸ਼ਨ ਦੇ ਮਹੱਤਵ ’ਤੇ ਚਾਨਣਾ ਪਾਇਆ। ਇਸ ਮਿਲਣੀ ਵਿੱਚ ਕੁੱਲ 37 ਸਾਬਕਾ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਡਾ. ਪੂਨਮਦੀਪ ਸਿੰਘ ਨੇ ਬਾਖ਼ੂਬੀ ਨਿਭਾਈ। ਸਮੁੱਚੇ ਪ੍ਰੋਗਰਾਮ ਦੇ ਅੰਤ ਵਿਚ ਕਨਵੀਨਰ ਡਾ. ਮੰਜੂ ਮਿੱਤਲ ਨੇ ਆਏ ਹੋਏ ਸਾਰੇ ਸਾਬਕਾ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਸਮਾਗਮ ਨਿਰੰਤਰ ਕਰਵਾਉਣ ਦਾ ਭਰੋਸਾ ਦਿੱਤਾ। ਇਹ ਸਮਾਗਮ ਪੁਰਾਣੀਆਂ ਯਾਦਾਂ ਅਤੇ ਨਵੇਂ ਸੰਕਲਪਾਂ ਦੇ ਸੁਮੇਲ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ।