ਵਿਧਾਇਕਾ ਨੇ ਹੈਲਥ ਤੇ ਵੈਲਨੈੱਸ ਸੈਂਟਰ ਦੇ ਕੰਮ ਦੀ ਕਰਵਾਈ ਸ਼ੁਰੂਆਤ
ਵਿਧਾਇਕਾ ਨੇ ਹੈਲਥ 'ਤੇ ਵੈਲਨੈਸ ਸੈਂਟਰ ਦੇ ਕੰਮ ਦੀ ਕਰਵਾਈ ਸ਼ੁਰੂਆਤ
Publish Date: Tue, 06 Jan 2026 05:54 PM (IST)
Updated Date: Wed, 07 Jan 2026 04:03 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਜਪੁਰਾ ਵਿਖੇ ਕਰੀਬ 35 ਲੱਖ ਰੁਪਏ ਨਾਲ ਤਿਆਰ ਹੋਣ ਵਾਲੇ ਹੈਲਥ ਤੇ ਵੈਲਨੈਸ ਸੈਂਟਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਦਘਾਟਨੀ ਸਮਾਗਮ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਦੀ ਵੱਡੀ ਹਾਜ਼ਰੀ ਨੇ ਇਸ ਗੱਲ ਦਾ ਪ੍ਰਮਾਣ ਦਿੱਤਾ ਕਿ ਪਿੰਡ ਲਈ ਇਸ ਸਿਹਤ ਕੇਂਦਰ ਦੀ ਸਥਾਪਨਾ ਕਿੰਨੀ ਮਹੱਤਵਪੂਰਨ ਅਤੇ ਲੰਬੇ ਸਮੇਂ ਤੋਂ ਲੋੜੀਂਦੀ ਸੀ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਗ੍ਰਾਸਰੂਟ ਲੈਵਲ ਤੇ ਗੁਣਵੱਤਾ-ਯੁਕਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪੁਰਾ ਵਰਗੇ ਪਿੰਡਾਂ ਵਿੱਚ ਨਵੇਂ ਹੈਲਥ ਤੇ ਵੈਲਨੈਸ ਸੈਂਟਰ ਖੁੱਲ੍ਹਣ ਨਾਲ ਲੋਕਾਂ ਨੂੰ ਛੋਟੇ-ਮੋਟੇ ਇਲਾਜ, ਰੋਗਾਂ ਦੀ ਜਾਂਚ ਅਤੇ ਦਵਾਈਆਂ ਲਈ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਸਮੇਂ-ਸਮੇਂ ਤੇ ਚੱਲਣ ਵਾਲੀਆਂ ਸਰਕਾਰੀ ਹੈਲਥ ਮੁਹਿੰਮਾਂ ਜਿਵੇਂ ਟੀਕਾਕਰਨ, ਐਨੀਮੀਆ ਰੋਕਥਾਮ, ਮਾਤਾ-ਬੱਚਾ ਸਿਹਤ ਅਤੇ ਬਜ਼ੁਰਗਾਂ ਦੀ ਸਿਹਤ ਸੰਭਾਲ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਮਜ਼ਬੂਤੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਉਹ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸੇ ਤਰ੍ਹਾਂ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਸਮੇਂ-ਸਿਰ, ਇਮਾਨਦਾਰੀ ਅਤੇ ਮਿੱਠੇ ਸੁਭਾਵ ਨਾਲ ਇਲਾਜ ਮੁਹੱਈਆ ਕਰਵਾਇਆ ਜਾਵੇ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਸਿਹਤ ਸਹੂਲਤ ਬਣਨ ਨਾਲ ਪਿੰਡ ਦੀ ਕਈ ਸਾਲਾਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਕੇਂਦਰ ਪਿੰਡ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗਾ। ਉਦਘਾਟਨ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਆਸ਼ਾ ਵਰਕਰਾਂ, ਆਂਗਣਵਾੜੀ ਸਟਾਫ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਆਪ ਆਗੂਆਂ ਸਮੇਤ ਪਿੰਡ ਮਾਝੀ ਦੇ ਸਰਪੰਚ ਕਰਨੈਲ ਸਿੰਘ ਹਾਜ਼ਰ ਸਨ।