ਨਗਰ ਕੌਂਸਲ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ : ਰਾਜੂ ਖੰਨਾ
ਨਗਰ ਕੌਂਸਲ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ : ਰਾਜੂ ਖੰਨਾ
Publish Date: Mon, 25 May 2026 05:09 PM (IST)
Updated Date: Mon, 25 May 2026 05:10 PM (IST)

ਫ਼ੋਟੋ ਫ਼ਾਈਲ : 2 -ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪੱਖਪਾਤ ਨਹੀਂ ਹੋਣਾ ਚਾਹੀਦਾ। ਪਾਰਟੀ ਵਰਕਰਾਂ ਅਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਚੋਣ ਪ੍ਰਕਿਰਿਆ ਨਾਲ ਜੁੜੇ ਹਰ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਦੇ ਆਪਣਾ ਸੰਵਿਧਾਨਕ ਫਰਜ਼ ਨਿਭਾਉਣ ਅਤੇ ਸੱਤਾਧਾਰੀ ਧਿਰ ਦੇ ਹੱਥਾਂ ਦੀ ਕਠਪੁਤਲੀ ਨਾ ਬਣਨ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਇਹ ਚੋਣਾਂ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਦਖਲਅੰਦਾਜ਼ੀ ਦੇ ਕਰਵਾਈਆਂ ਜਾਣ। ਜੇਕਰ ਕੋਈ ਵੀ ਅਧਿਕਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਕੰਮ ਕਰਦਾ ਮਿਲਿਆ ਤਾਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਇਸ ਦਾ ਡਟ ਕੇ ਜਵਾਬ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਾਂਤੀਪੂਰਵਕ ਅਤੇ ਬਿਨਾਂ ਰੁਕਾਵਟ ਚੋਣ ਲੜਨ ਦਾ ਅਧਿਕਾਰ ਹਰ ਉਮੀਦਵਾਰ ਅਤੇ ਵੋਟਰ ਨੂੰ ਬਰਾਬਰ ਤੌਰ ’ਤੇ ਹੈ, ਜਿਸ ਦੀ ਰੱਖਿਆ ਹਰ ਹਾਲ ਵਿਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਵੋਟਰਾਂ ਅਤੇ ਪਾਰਟੀ ਵਰਕਰਾਂ ਨੂੰ ਸ਼ਾਂਤੀ ਤੇ ਸਬਰ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਤ-ਹਾਰ ਲੋਕਾਂ ਦੇ ਫੈਸਲੇ ’ਤੇ ਨਿਰਭਰ ਕਰਦੀ ਹੈ। ਪਰ ਜੇਕਰ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਦਬਾਉਣ ਜਾਂ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮੈਣੀ, ਭਿੰਦਰ ਸਿੰਘ ਮੰਡੀ, ਭਾਰਤ ਭੂਸ਼ਨ ਟੋਨੀ, ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਜਰਨੈਲ ਸਿੰਘ ਮਾਜਰੀ, ਨਾਜ਼ਰ ਸਿੰਘ ਮੰਡੀ, ਡਾ. ਅਰੁਜਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਸੋਮਨਾਥ ਅਜਨਾਲੀ, ਹਰਮੀਤ ਸਿੰਘ ਖਾਲਸਾ, ਹਰਪਾਲ ਸਿੰਘ ਨਸਰਾਲੀ ਅਤੇ ਸਤਪਾਲ ਸਿੰਘ ਸੱਤਾ ਵੀ ਮੌਜੂਦ ਸਨ।