ਨਾਗਰਾ ਵੱਲੋਂ ਬਰਨਾਲਾ ਰੈਲੀ ’ਚ ਸ਼ਮੂਲੀਅਤ ਲਈ ਵਰਕਰਾਂ ਤੇ ਆਗੂਆਂ ਦਾ ਧੰਨਵਾਦ
ਨਾਗਰਾ ਵੱਲੋਂ ਬਰਨਾਲਾ ਰੈਲੀ ’ਚ ਸ਼ਮੂਲੀਅਤ ਲਈ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ
Publish Date: Tue, 03 Mar 2026 04:37 PM (IST)
Updated Date: Tue, 03 Mar 2026 04:38 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਬਰਨਾਲਾ ਵਿਖੇ ਹੋਈ ਰੈਲੀ ਵਿੱਚ ਪਹੁੰਚਣ ਲਈ ਸਮੂਹ ਕਾਂਗਰਸਆਂ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਂ ਰੈਲੀ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਨੌਜਵਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਦੇ ਗੁੱਸੇ ਦਾ ਪ੍ਰਤੀਕ ਹੈ। ਨਾਗਰਾ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮਨਰੇਗਾ ਵਰਗੀ ਗਰੀਬ ਅਤੇ ਮਜ਼ਦੂਰ ਵਰਗ ਲਈ ਜੀਵਨ ਰੇਖਾ ਬਣੀ ਯੋਜਨਾ ਨੂੰ ਜਾਨਬੁੱਝ ਕੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਲਈ ਯਥੋਚਿਤ ਫੰਡ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਮਜ਼ਦੂਰਾਂ ਨੂੰ ਸਮੇਂ ਸਿਰ ਕੰਮ ਅਤੇ ਉਨ੍ਹਾਂ ਦੀ ਮਿਹਨਤ ਦੀ ਮਜ਼ਦੂਰੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ, ਪਰ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਇਹ ਯੋਜਨਾ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤੇ ਵੀ ਦੇਸ਼ ਦੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਲਈ ਘਾਤਕ ਸਾਬਤ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸਮਝੌਤਿਆਂ ਨਾਲ ਵਿਦੇਸ਼ੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ, ਜਦਕਿ ਦੇਸ਼ ਦੇ ਕਿਸਾਨਾਂ ਅਤੇ ਛੋਟੇ ਉਦਯੋਗਪਤੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਨਾਲ ਖੇਤੀਬਾੜੀ ਖੇਤਰ ਅਤੇ ਸਥਾਨਕ ਮੰਡੀ ਪ੍ਰਣਾਲੀ ‘ਤੇ ਨਕਾਰਾਤਮਕ ਅਸਰ ਪੈਣ ਦਾ ਖ਼ਤਰਾ ਹੈ। ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੀ ਆਮਦਨ ਵਧਣ ਦੀ ਬਜਾਏ ਘਟ ਰਹੀ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਘਟਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।