ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ, ਲੋਕਾਂ ਦਾ ਵਿਸ਼ਵਾਸ ਤੋੜਨ ਦੇ ਲਾਏ ਦੋਸ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਮੌਜੂਦਾ ਸਰਕਾਰ ’ਤੇ ਵਿਸ਼ਵਾਸ ਪ੍ਰਗਟਾਇਆ ਸੀ, ਪਰ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਲੋਕਾਂ ਦਾ ਉਹ ਭਰੋਸਾ ਤੋੜਨ ਦਾ ਕੰਮ ਕੀਤਾ ਹੈ।
Publish Date: Fri, 01 May 2026 07:12 PM (IST)
Updated Date: Fri, 01 May 2026 07:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਮੌਜੂਦਾ ਸਰਕਾਰ ’ਤੇ ਵਿਸ਼ਵਾਸ ਪ੍ਰਗਟਾਇਆ ਸੀ, ਪਰ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਲੋਕਾਂ ਦਾ ਉਹ ਭਰੋਸਾ ਤੋੜਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੱਡੇ-ਵੱਡੇ ਵਾਅਦੇ ਅਤੇ ਸੁਫ਼ਨੇ ਪੰਜਾਬ ਦੇ ਲੋਕਾਂ ਨੂੰ ਦਿਖਾਏ ਗਏ ਸਨ, ਉਹ ਸਿਰਫ਼ ਕਾਗਜ਼ੀ ਹੀ ਸਾਬਤ ਹੋਏ ਹਨ।
ਮੁੱਖ ਮੰਤਰੀ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਸਾਥੀਆਂ ਨੇ ਵੀ ਸਪੀਕਰ ਨੂੰ ਦਰਖ਼ਾਸਤ ਦਿੱਤੀ ਹੈ ਕਿ ਸਦਨ ’ਚ ਮੈਂਬਰਾਂ ਦੇ ਡੋਪ ਟੈਸਟ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਅਜਿਹੀਆਂ ਚਰਚਾਵਾਂ ਹੋ ਰਹੀਆਂ ਹਨ ਕਿ ਕੁਝ ਲੋਕ ਨਸ਼ੇ ਦੀ ਹਾਲਤ ’ਚ ਵਿਧਾਨ ਸਭਾ ਦੀਆਂ ਬੈਠਕਾਂ ’ਚ ਪਹੁੰਚ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਜਿਹੜੀ ਸਰਕਾਰ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੋਵੇ, ਉਸ ਕੋਲੋਂ ਕਿਸੇ ਚੰਗੇ ਕੰਮ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਸੈਣੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਇਨ੍ਹਾਂ ਦੀਆਂ ਗੱਲਾਂ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਆਉਣ ਵਾਲੇ ਸਮੇਂ ’ਚ ਇਨ੍ਹਾਂ ਨੂੰ ਸਬਕ ਸਿਖਾਉਣਗੇ। ਸਮਾਗਮ ਦੌਰਾਨ ਉਨ੍ਹਾਂ ਹੋਰ ਵੀ ਕਈ ਸਿਆਸੀ ਮੁੱਦਿਆਂ ’ਤੇ ਆਪਣੀ ਗੱਲ ਰੱਖੀ।