ਨੈਸ਼ਨਲ ਲੋਕ ਅਦਾਲਤ 37 ਬੈਂਚਾਂ ’ਚ 29684 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ
ਜ਼ਿਲ੍ਹਾ ਪਟਿਆਲਾ ਵਿੱਚ ਨੈਸਨਲ ਲੋਕ ਅਦਾਲਤ 37 ਬੈਂਚਾਂ ਵਿੱਚ 29684 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ
Publish Date: Sat, 14 Mar 2026 06:29 PM (IST)
Updated Date: Sun, 15 Mar 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅਵਤਾਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 14 ਮਾਰਚ.2026 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 37 ਬੈਂਚਾਂ (19 ਪਟਿਆਲਾ ਵਿੱਚ, 06 ਰਾਜਪੁਰਾ ਵਿੱਚ, 05 ਨਾਭਾ ਵਿੱਚ ਅਤੇ 05 ਸਮਾਣਾ ਵਿੱਚ ) ਦਾ ਗਠਨ ਕੀਤਾ ਗਿਆ । ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ 1 ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ, ਪਟਿਆਲਾ ਵਿਖੇ 1 ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਤਰ੍ਹਾਂ ਜ਼ਿਲ੍ਹਾ ਪਟਿਆਲਾ ਵਿੱਚ ਨੈਸਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 40064 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 29684 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 42,16,60,109/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮੈਡਮ ਮਾਨੀ ਅਰੋੜਾ, ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਮੈਡਮ ਏਕਤਾ ਸਹੋਤਾ ਚੀਫ਼ ਜੂਡੀਸੀਅਲ ਮੈਜਿਸਟ੍ਰੇਟ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ। ਇਸ ਨੈਸ਼ਨਲ ਲੋਕ ਅਦਾਲਤ ਦੀ ਮੁੱਖ ਵਿਸੇਸਤਾ ਪਰਿਵਾਰਕ ਅਦਾਲਤਾਂ ਵਿੱਚ ਪੇਂਡਿੰਗ 323 ਪਰਿਵਾਰਕ ਝਗੜਿਆਂ ਅਤੇ ਚੈਕ ਬਾਊਂਸ ਮਾਮਲਿਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਸੀ, 261 ਚੈਕ ਬਾਂਊਸ ਕੇਸਾਂ ਵਿੱਚ ਕੁੱਲ ਰਕਮ 9,07,24,907/- ਦੇ ਅਵਾਰਡ ਪਾਸ ਕੀਤੇ ਗਏ।