ਨਸ਼ਿਆਂ ਖ਼ਿਲਾਫ਼ ਕਾਰਵਾਈ; 6 ਮਾਮਲਿਆਂ ’ਚ 6 ਮੁਲਜ਼ਮ ਗ੍ਰਿਫ਼ਤਾਰ
ਨਸ਼ਿਆਂ ਖ਼ਿਲਾਫ਼ ਕਾਰਵਾਈ: 6 ਮਾਮਲਿਆਂ ਵਿੱਚ 6 ਮੁਲਜ਼ਮ ਗ੍ਰਿਫ਼ਤਾਰ
Publish Date: Sat, 02 May 2026 04:39 PM (IST)
Updated Date: Sat, 02 May 2026 04:41 PM (IST)

- ਭੁੱਕੀ, ਗੋਲੀਆਂ ਅਤੇ ਹੈਰੋਇਨ ਬਰਾਮਦ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ 6 ਮਾਮਲਿਆਂ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਕਿਲੋ 700 ਗ੍ਰਾਮ ਭੁੱਕੀ, 410 ਪਾਬੰਦੀਸ਼ੁਦਾ ਗੋਲੀਆਂ ਅਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਸਮਾਣਾ ਏਐੱਸਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਕੁਲਬੁਰਛਾਂ ਵਿਖੇ ਮੌਜੂਦ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਖੁਸ਼ੀ ਰਾਮ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 3 ਕਿਲੋ 700 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਰਾਜਪੁਰਾ ਏ.ਐਸ.ਆਈ. ਸੂਬਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਪੜਾਓ ਨੇੜੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਰੇਸ਼ਮਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕਰਨ ’ਤੇ ਉਸ ਕੋਲੋਂ 9 ਕਿਲੋ ਭੁੱਕੀ ਬਰਾਮਦ ਹੋਈ। ਥਾਣਾ ਸਿਟੀ ਸਮਾਣਾ ਏਐੱਸਆਈ ਪੂਰਨ ਸਿੰਘ ਨੇ ਦੱਸਿਆ ਕਿ ਉਹ ਵੜੈਚ ਮੋੜ ਸਮਾਣਾ ਵਿਖੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਸ਼ੇਰ ਕੌਰ ਟੀ-ਪੁਆਇੰਟ ਕੁਤਬਨਪੁਰ ਨੇੜੇ ਬੈਠ ਕੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੀ ਸੀ। ਛਾਪਾ ਮਾਰ ਕੇ ਮੁਲਜ਼ਮ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਸਦਰ ਪਟਿਆਲਾ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸੁਪਰ ਮਾਰਕੀਟ ਮੋੜ ਨੇੜੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਦਕਸ਼ ਵਾਸੀ ਪੁਰਾਣਾ ਰਾਜਪੁਰਾ ਨੂੰ ਰੋਕ ਕੇ ਚੈੱਕ ਕਰਨ ’ਤੇ ਉਸ ਕੋਲੋਂ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਥਾਣਾ ਕੋਤਵਾਲੀ ਨਾਭਾ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਐੱਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪੁਰਾਣਾ ਕਿਲਾ ਨਾਭਾ ਨੇੜੇ ਮੌਜੂਦ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਮੁਲਜ਼ਮ ਨਿਰਮਲ ਸਿੰਘ ਵਾਸੀ ਪਿੰਡ ਕਨਸੂਹਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕਰਨ ’ਤੇ 260 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਥਾਣਾ ਪਾਤੜਾਂ ਵਿਖੇ ਇਸੇ ਤਰ੍ਹਾਂ ਥਾਣਾ ਪਾਤੜਾਂ ਪੁਲਿਸ ਕੋਲ ਦਰਜ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅਨਾਜ ਮੰਡੀ ਪਾਤੜਾਂ ਵਿਖੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਰਮਨਦੀਪ ਕੌਰ ਵਾਸੀ ਸੁੰਦਰ ਬਸਤੀ ਪਾਤੜਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕਰਨ ’ਤੇ 100 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਸਾਰੇ ਮਾਮਲਿਆਂ ਵਿੱਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।